ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਦੁਆਲੇ ਮਰਯਾਦਾ ਦੀ ਉਲੰਘਣਾ ਕਰਨ ਵਾਲੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਆ ਗਈ ਹੈ। ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇੱਕ ਨੌਜਵਾਨ ਦੇ ਮੂੰਹ ਧੋਣ ਦੀ ਇੱਕ ਰੀਲ ਬਣਾਈ ਗਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ “ਮੁਸਲਿਮ ਸ਼ੇਰ” ਕੈਪਸ਼ਨ ਨਾਲ ਪੋਸਟ ਕੀਤੀ ਗਈ ਹੈ। ਮੂੰਹ ਧੋਂਦੇ ਹੋਏ ਦਿਖਾਈ ਦੇਣ ਵਾਲੇ ਨੌਜਵਾਨ ਨੇ ਮੁਸਲਿਮ ਟੋਪੀ ਪਾਈ ਹੋਈ ਹੈ। ਇਸ ਵੀਡੀਓ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਦੀ ਜਾਂਚ ਕੀਤੀ ਜਾਵੇਗੀ। ਜੇਕਰ ਇਹ ਓਰੀਜ਼ਨਲ ਹੈ, ਤਾਂ ਉਸ ਸਮੇਂ ਸੇਵਾਦਾਰਾਂ ਕਿੱਥੇ ਸਨ, ਇਸ ਦੀ ਜਾਂਚ ਕੀਤੀ ਜਾਵੇਗੀ।
ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਸੇਵਾਦਾਰਾਂ ਅਤੇ ਸਬੰਧਤ ਸਟਾਫ਼ ਨਾਲ ਦੋ ਵਿਸ਼ੇਸ਼ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਮੰਨਿਆ ਕਿ ਕਈ ਵਾਰ ਭਾਰੀ ਰਸ਼ ਕਾਰਨ ਸੇਵਾਦਾਰਾਂ ਦੀ ਨਜ਼ਰ ਤੋਂ ਅਜਿਹੀਆਂ ਗਲਤੀਆਂ ਬਚ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ, ਖਾਸ ਕਰਕੇ ਜਿਨ੍ਹਾਂ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾ ਬਾਰੇ ਪੂਰੀ ਜਾਣਕਾਰੀ ਨਹੀਂ ਹੁੰਦੀ, ਉਹ ਅਣਜਾਣੇ ਵਿੱਚ ਅਜਿਹੀਆਂ ਗਲਤੀਆਂ ਕਰ ਬੈਠਦੇ ਹਨ। ਸ. ਮੰਨਣ ਨੇ ਸਪੱਸ਼ਟ ਕੀਤਾ ਕਿ ਦਰਬਾਰ ਸਾਹਿਬ ਵੱਲ ਪਿੱਠ ਕਰਕੇ ਫੋਟੋਆਂ ਖਿਚਾਉਣਾ ਜਾਂ ਰੀਲਾਂ ਬਣਾਉਣਾ ਸਿੱਖ ਮਰਯਾਦਾ ਦੇ ਖ਼ਿਲਾਫ਼ ਹੈ ਅਤੇ ਇਹ ਦੇਖਣ ਵਿੱਚ ਵੀ ਬਹੁਤ ਮਾੜਾ ਲੱਗਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

