ਨਵੀ ਦਿੱਲੀ : ਸੰਸਦ ਕੰਪਲੈਕਸ ਵਿੱਚ ਬੁੱਧਵਾਰ ਨੂੰ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ-ਸਾਹਮਣੇ ਹੋ ਗਏ। ਦੋਵਾਂ ਨੇਤਾਵਾਂ ਵਿਚਾਲੇ ਹੋਈ ਤਿੱਖੀ ਨੋਕ-ਝੋਕ ਨੇ ਸਿਆਸੀ ਹਲਚਲ ਵਧਾ ਦਿੱਤੀ।
ਘਟਨਾ ਸੰਸਦ ਭਵਨ ਦੇ ਮਕਰ ਦੁਆਰ ਦੇ ਨੇੜੇ ਦੀ ਹੈ, ਜਿੱਥੇ ਕਾਂਗਰਸ ਸਾਂਸਦ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਉੱਥੋਂ ਲੰਘ ਰਹੇ ਸਨ। ਇਸ ਵਿਚਾਲੇ ਰਾਹੁਲ ਗਾਂਧੀ ਨੇ ਉਨ੍ਹਾਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਨੂੰ “ਗੱਦਾਰ” ਕਿਹਾ ਅਤੇ ਟਿੱਪਣੀ ਕੀਤੀ, ਜਿਸ ਨੇ ਮਾਹੌਲ ਨੂੰ ਹੋਰ ਤਣਾਅਪੂਰਨ ਬਣਾ ਦਿੱਤਾ।
ਰਾਹੁਲ ਗਾਂਧੀ ਨੇ ਵਿਅੰਗਮਈ ਅੰਦਾਜ਼ ਵਿੱਚ ਬਿੱਟੂ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰਦਿਆਂ ਕਿਹਾ, “ਨਮਸਤੇ ਭਾਈ, ਮੇਰੇ ਗੱਦਾਰ ਦੋਸਤ। ਚਿੰਤਾ ਨਾ ਕਰੋ, ਤੁਸੀਂ ਵਾਪਸ ਕਾਂਗਰਸ ਵਿੱਚ ਆ ਜਾਓਗੇ।” ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚ ਸ਼ਾਮਲ ਸਨ ਅਤੇ ਬਾਅਦ ਵਿੱਚ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿੱਥੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਮਿਲਿਆ।
ਰਾਹੁਲ ਗਾਂਧੀ ਦੀ ਟਿੱਪਣੀ ‘ਤੇ ਰਵਨੀਤ ਸਿੰਘ ਬਿੱਟੂ ਨੇ ਕਰਾਰਾ ਜਵਾਬ ਦਿੱਤਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨਾਲ ਹੱਥ ਵੀ ਨਹੀਂ ਮਿਲਾਇਆ।ਉਨ੍ਹਾਂ ਨੇ ਰਾਹੁਲ ਗਾਂਧੀ ਨੂੰ “ਦੇਸ਼ ਦੇ ਦੁਸ਼ਮਣ” ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜਿਹੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਿੱਟੂ ਨੇ ਰਾਹੁਲ ਗਾਂਧੀ ਨਾਲ ਹੱਥ ਮਿਲਾਉਣ ਤੋਂ ਵੀ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਕੁਝ ਦੇਰ ਤੱਕ ਤਿੱਖੀ ਬਹਿਸ ਹੁੰਦੀ ਰਹੀ, ਜਿਸ ਨੂੰ ਮੌਕੇ ‘ਤੇ ਮੌਜੂਦ ਹੋਰਨਾਂ ਨੇਤਾਵਾਂ ਅਤੇ ਸੁਰੱਖਿਆ ਕਰਮੀਆਂ ਨੇ ਸ਼ਾਂਤ ਕਰਵਾਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

