ਚੰਡੀਗੜ੍ਹ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ “ਸਾਡਾ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅਗੰਮਪੁਰ ਪੰਚਾਇਤ ਘਰ ਵਿਖੇ ਬਜ਼ੁਰਗਾਂ ਲਈ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤ ਰੀਹਰਜੋਤ ਬੈਂਸ ਖੁਦ ਸ਼ਾਮਲ ਹੋਏ ਅਤੇ ਕੈਂਪ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਜਾਂਚ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ ਸਬੰਧੀ ਮੁਲਾਂਕਣ ਕੀਤਾ ਗਿਆ। ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਖਾਸ ਧਿਆਨ ਦਿੱਤਾ ਗਿਆ। ਕੈਂਪ ਦੌਰਾਨ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਨਾਲ ਹੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ, ਤਾਂ ਜੋ ਉਹ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੌਰਾਨ ਬੀਮੇ ਦੀ ਸਹੂਲਤ ਦਾ ਲਾਭ ਲੈ ਸਕਣ।
ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ (ਹਿਮਾਚਲ ਬਾਰਡਰ ਤੱਕ) ਹਾਈਵੇ ਨੂੰ ਫੋਰਲੇਨ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੋਟਲਾ ਤੋਂ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦੇ 8 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ।
ਇਸ ਮੌਕੇ ਯੂਕੋ ਬੈਂਕ ਵੱਲੋਂ ਬਜ਼ੁਰਗਾਂ ਲਈ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ, ਜਦਕਿ ਸਕੂਲੀ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ। ਮੰਤਰੀ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪ ਅਗੇ ਵੀ ਲਗਾਤਾਰ ਜਾਰੀ ਰਹਿਣਗੇ।

