‘ਆਪ’ ਦੀ ਮੋਗਾ ਰੈਲੀ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ; ਸਾਂਝੀ ਕੀਤੀ ਅਹਿਮ ਜਾਣਕਾਰੀ

Global Team
3 Min Read

ਚੰਡੀਗੜ੍ਹ : ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਪੰਜਾਬ ਸਰਕਾਰ ਵੱਲੋਂ ਅੱਜ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਮੋਗਾ ਵਿੱਚ ਹੋਣ ਵਾਲੀ ਰੈਲੀ ਦਾ ਪ੍ਰੋਗਰਾਮ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਇਸ ਵਿਚਾਲੇ ਹੀ ਮੁੱਖ ਮੰਤਰੀ ਮਾਨ ਨੇ ਇਕ ਟਵੀਟ ਕੀਤਾ ਹੈ ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਸੀਐਮ ਮਾਨ ਰੈਲੀ ‘ਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ “ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।” ਇਸ ਤੋਂ ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸੀਐਮ ਮਾਨ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਹ ਹਸਪਤਾਲ ਵਿੱਚ ਦਾਖਲ ਹਨ।

ਦੱਸ ਦਈਏ ਕਿ ਬੀਤੇ ਕੱਲ੍ਹ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਪੂਰਾ ਚੈੱਕਅਪ ਕੀਤਾ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਸੀ, ਜਿਸ ਕਾਰਨ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਉਹ ਮੋਗਾ ਰੈਲੀ ਸ਼ਾਮਿਲ ਹੋਣਗੇ।

ਅੱਜ ਹੋ ਰਹੀ ਰੈਲੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਲਈ ਬਦਲੇ ਹੋਏ ਰੂਟ ਨਿਰਧਾਰਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਲੁਧਿਆਣਾ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਰਹੇਗੀ। ਆਮ ਜਨਤਾ ਨੂੰ ਟ੍ਰੈਫਿਕ ਜਾਮ ਅਤੇ ਅਵਿਵਸਥਾ ਤੋਂ ਬਚਾਉਣ ਲਈ ਵੱਖ-ਵੱਖ ਰੂਟਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਲਈ ਵੱਖਰੇ-ਵੱਖਰੇ ਰੂਟ ਪਲਾਨ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਿਰਧਾਰਤ ਰੂਟਾਂ ਦੀ ਪਾਲਣਾ ਕੀਤੀ ਜਾਵੇ ਅਤੇ ਟ੍ਰੈਫਿਕ ਨਿਰਦੇਸ਼ਾਂ ਦਾ ਸਹਿਯੋਗ ਕੀਤਾ ਜਾਵੇ। ਲੁਧਿਆਣਾ ਤੋਂ ਮੋਗਾ ਜਾਣ ਵਾਲੇ ਰੂਟ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਸਕਦੀ ਹੈ। ਲੁਧਿਆਣਾ ਤੋਂ ਮੋਗਾ ਜਾਣ ਲਈ: ਲੁਧਿਆਣਾ → ਮੁੱਲਾਪੁਰ → ਜਗਰਾਉਂ → ਸਿੱਧਵਾ ਬੇਟ → ਗਿੱਦੜਵਿੰਡੀ → ਕਿਸ਼ਨਪੁਰਾ → ਧਰਮਕੋਟ → ਮੋਗਾ ਜਾਣ ਲਈ ਕਿਹਾ ਗਿਆ ਹੈ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment