ਇਰਾਨ : ਮੱਧ ਪੂਰਬ ਵਿੱਚ ਤਣਾਅ ਹੁਣ ਸਿਖਰ ‘ਤੇ ਪਹੁੰਚ ਗਿਆ ਹੈ। ਇਜ਼ਰਾਈਲ ਨੇ ਈਰਾਨ ‘ਤੇ ਵੱਡੇ ਪੱਧਰ ‘ਤੇ ਮਿਜ਼ਾਈਲ ਹਮਲਾ ਕੀਤਾ ਹੈ। ਜਾਣਕਾਰੀ ਅਨੁਸਾਰ, ਇਸ ਹਮਲੇ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਾਮੇਨੇਈ ਦੀ ਰਿਹਾਇਸ਼ ਨੂੰ ਨੁਕਸਾਨ ਪਹੁੰਚਿਆ ਹੈ, ਹਾਲਾਂਕਿ ਉਹ ਇਸ ਸਮੇਂ ਤੇਹਰਾਨ ਵਿੱਚ ਨਹੀਂ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਤੇਹਰਾਨ ਦੇ ਡਾਊਨਟਾਊਨ ਇਲਾਕੇ ਵਿੱਚ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਸਟ੍ਰੀਟ ਅਤੇ ਜੁਮਹੂਰੀ ਇਲਾਕੇ ਵਿੱਚ ਮਿਜ਼ਾਈਲਾਂ ਡਿੱਗੀਆਂ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
ਇਜ਼ਰਾਈਲੀ ਮੀਡੀਆ ਅਨੁਸਾਰ, ਇਸ ਹਮਲੇ ਵਿੱਚ ਈਰਾਨ ਦੇ ਲਗਭਗ 30 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਿੱਚ ਫ਼ੌਜੀ ਅਤੇ ਖੁਫ਼ੀਆ ਟਿਕਾਣੇ ਸ਼ਾਮਲ ਹਨ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਸ਼ਟਰਪਤੀ ਮਸੂਦ ਪੇਜੇਸ਼ਕੀਅਨ ਦੀ ਰਿਹਾਇਸ਼ ਅਤੇ ਇੰਟੈਲੀਜੈਂਸ ਹੈੱਡਕੁਆਰਟਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਪਰ ਇਸ ਦੀ ਅਧਿਕਾਰਤ ਪੁਸ਼ਟੀ ਈਰਾਨ ਵੱਲੋਂ ਨਹੀਂ ਕੀਤੀ ਗਈ ਹੈ।
ਸਮਾਚਾਰ ਏਜੰਸੀ ਏਪੀ (AP) ਅਨੁਸਾਰ ਸੰਯੁਕਤ ਰਾਜ ਅਮਰੀਕਾ ਨੇ ਵੀ ਇਜ਼ਰਾਈਲੀ ਹਮਲਿਆਂ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਤੇਹਰਾਨ ਜਵਾਬੀ ਕਾਰਵਾਈ ਦੀ ਤਿਆਰੀ ਵਿੱਚ ਜੁਟ ਗਿਆ ਹੈ। ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਈਰਾਨ ਜਵਾਬੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਇਹ ਜਵਾਬੀ ਕਾਰਵਾਈ ਬਹੁਤ ਵੱਡੀ ਹੋ ਸਕਦੀ ਹੈ।
ਓਧਰ, ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦੇਸ਼ ਭਰ ਵਿੱਚ ਵਿਸ਼ੇਸ਼ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ‘ਤੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਦਾ ਖ਼ਤਰਾ ਹੋ ਸਕਦਾ ਹੈ। ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਹਸਪਤਾਲਾਂ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

