ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਗਿਆ ਜਾਰੀ

Global Team
3 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ ਅਤੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸੇ ਤਰ੍ਹਾਂ ਹੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਬਨਾਉਣ ਵਾਸਤੇ ਕਾਰਜ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਜਿਥੇ ਸੰਗਤਾਂ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਉਥੇ ਹੀ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।

Share This Article
Leave a Comment