ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ।
ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ।

