ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤਾ ਵੱਡਾ ਹਮਲਾ! 400 ਲੋਕਾਂ ਦੀ ਮੌਤ ਦਾ ਦਾਅਵਾ

Global Team
3 Min Read

ਕਾਬੁਲ: ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਅਫ਼ਗਾਨਿਸਤਾਨ ਦਾ ਦਾਅਵਾ ਹੈ ਕਿ ਪਾਕਿਸਤਾਨ ਨੇ ਰਾਜਧਾਨੀ ਕਾਬੁਲ ਦੇ ਇੱਕ ਹਸਪਤਾਲ ਨੂੰ ਹਵਾਈ ਹਮਲੇ ਵਿੱਚ ਨਿਸ਼ਾਨਾ ਬਣਾਇਆ ਹੈ। ਇਸ ਵਿੱਚ 400 ਲੋਕਾਂ ਦੀ ਜਾਨ ਚਲੀ ਗਈ ਅਤੇ 250 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਲਾਂਕਿ, ਪਾਕਿਸਤਾਨ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ।

ਅਫ਼ਗਾਨਿਸਤਾਨ ਦੇ ਉਪ ਸਰਕਾਰੀ ਬੁਲਾਰੇ ਹਮਦੁੱਲਾ ਫ਼ਿਤਰਤ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਸੋਮਵਾਰ ਰਾਤ ਹੋਏ ਹਮਲੇ ਵਿੱਚ ਹਸਪਤਾਲ ਦਾ ਵੱਡਾ ਹਿੱਸਾ ਤਬਾਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 400 ਹੈ, ਜਦਕਿ 250 ਲੋਕ ਜ਼ਖਮੀ ਹੋਏ ਹਨ। ਫ਼ਿਤਰਤ ਨੇ ਕਿਹਾ ਕਿ ਬਚਾਅ ਟੀਮਾਂ ਇਮਾਰਤ ਵਿੱਚ ਲੱਗੀ ਅੱਗ ‘ਤੇ ਕਾਬੂ ਪਾਉਣ ਅਤੇ ਪੀੜਤਾਂ ਦੀਆਂ ਦੇਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤਾ ਗਿਆ ਇਹ ਹਮਲਾ ਅਫ਼ਗਾਨਿਸਤਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਜ਼ਿਆਦਾਤਰ ਲੋਕ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਨਸ਼ਾ ਪੀੜਤ ਸਨ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਬੁਲਾਰੇ ਮੁਸ਼ੱਰਫ਼ ਜ਼ੈਦੀ ਨੇ ਇਨ੍ਹਾਂ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਕਿਹਾ ਕਿ ਕਾਬੁਲ ਵਿੱਚ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਦੀ ਫ਼ੌਜ ਸਿਰਫ਼ ਉਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਕਰਦੀ ਹੈ, ਜਿੱਥੋਂ ਉਸ ਵਿਰੁੱਧ ਹਮਲੇ ਕੀਤੇ ਜਾਂਦੇ ਹਨ। ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਵੀ ਸਪੱਸ਼ਟ ਕੀਤਾ ਕਿ ਇਹ ਹਮਲੇ ਬਹੁਤ ਸਟੀਕ ਸਨ ਅਤੇ ਸਿਰਫ਼ ਫ਼ੌਜੀ ਟਿਕਾਣਿਆਂ ਤੇ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਕਿਸੇ ਵੀ ਅਜਿਹੀ ਜਗ੍ਹਾ ਨੂੰ ਟਾਰਗੇਟ ਨਹੀਂ ਕੀਤਾ ਗਿਆ ਜਿੱਥੇ ਆਮ ਲੋਕ ਰਹਿ ਰਹੇ ਸਨ।

ਇਹ ਦੋਸ਼ ਅਜਿਹੇ ਸਮੇਂ ਸਾਹਮਣੇ ਆਏ ਹਨ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ‘ਤੇ ਟਕਰਾਅ ਤੀਜੇ ਹਫ਼ਤੇ ਵਿੱਚ ਦਾਖ਼ਲ ਹੋ ਗਿਆ ਹੈ। ਅਫ਼ਗਾਨ ਅਧਿਕਾਰੀਆਂ ਅਨੁਸਾਰ ਸੋਮਵਾਰ ਨੂੰ ਸਰਹੱਦ ‘ਤੇ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦਸ ਲੋਕ ਜ਼ਖ਼ਮੀ ਹੋਏ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment