ਨੇਪਾਲ : ਪ੍ਰਧਾਨ ਮੰਤਰੀ ਬਲੇਨ ਸ਼ਾਹ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰਦੇ ਦਿਖਾਈ ਦੇ ਰਹੇ ਹਨ। ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਉਰਫ ਬਾਲੇਨ ਸ਼ਾਹ ਨੇ ਆਪਣੀ ਹੀ ਸਰਕਾਰ ਦੇ ਕਿਰਤ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਮੰਤਰੀ ਦੀਪਕ ਕੁਮਾਰ ਸਾਹ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਵਿੱਚ ਅਹੁਦੇ ਤੋਂ ਹਟਾ ਦਿੱਤਾ ਹੈ।
ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦੀ ਸਿਫ਼ਾਰਸ਼ ਤੋਂ ਬਾਅਦ ਕੀਤੀ ਗਈ। ਪ੍ਰਧਾਨ ਮੰਤਰੀ ਨੇ ਇਹ ਫੈਸਲਾ ਪਾਰਟੀ ਪ੍ਰਧਾਨ ਰਵੀ ਲਾਮਿਛਾਨੇ ਵੱਲੋਂ ਭੇਜੀ ਗਈ ਚਿੱਠੀ ਦੇ ਆਧਾਰ ‘ਤੇ ਲਿਆ। ਇਹ ਕਾਰਵਾਈ ਸਰਕਾਰ ਦੇ ਗਠਨ ਦੇ ਮਹਿਜ਼ 15 ਦਿਨਾਂ ਦੇ ਅੰਦਰ ਕੀਤੀ ਗਈ ਹੈ, ਜਿਸ ਤੋਂ ਸਾਫ਼ ਸੰਕੇਤ ਮਿਲਿਆ ਹੈ ਕਿ ਨਵੀਂ ਸਰਕਾਰ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਹ ਸਿਫ਼ਾਰਸ਼ ਪਾਰਟੀ ਦੀ ਕੇਂਦਰੀ ਅਨੁਸ਼ਾਸਨ ਕਮੇਟੀ ਦੀ ਜਾਂਚ ਰਿਪੋਰਟ ‘ਤੇ ਅਧਾਰਤ ਸੀ। ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, ਦੀਪਕ ਕੁਮਾਰ ਸਾਹ ਨੂੰ ਪਾਰਟੀ ਦੇ ਚੋਣ ਜ਼ਾਬਤੇ ਅਤੇ ਅਨੁਸ਼ਾਸਨ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਹਟਾਇਆ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਹ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਆਪਣੀ ਪਤਨੀ ਜੁਨੂ ਸ਼੍ਰੇਸ਼ਠਾ ਨੂੰ ਹੈਲਥ ਇੰਸ਼ੋਰੈਂਸ ਬੋਰਡ ਦੀ ਮੈਂਬਰ ਬਣਾਈ ਰੱਖਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅਹੁਦਾ ਲੰਬੇ ਸਮੇਂ ਤੋਂ ਨਿਸ਼ਕਿਰਿਆ (inactive) ਸੀ।
ਅਨੁਸ਼ਾਸਨ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪਾਰਟੀ ਨੂੰ ਸੌਂਪੀ ਅਤੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਤੋਂ ਦੀਪਕ ਕੁਮਾਰ ਸਾਹ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ। ਪਾਰਟੀ ਪ੍ਰਧਾਨ ਲਾਮਿਛਾਨੇ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਇਸ ਮਾਮਲੇ ਨਾਲ ਪਾਰਟੀ ਦੇ ਅਕਸ, ਸਿਧਾਂਤ ਅਤੇ ਇਮਾਨਦਾਰੀ ਨੂੰ ਨੁਕਸਾਨ ਪਹੁੰਚਿਆ ਹੈ, ਇਸ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।
ਪਾਰਟੀ ਦੇ ਨਿਯਮਾਂ ਅਨੁਸਾਰ, ਧਾਰਾ 25 (4)(a) ਤਹਿਤ ਪ੍ਰਧਾਨ ਦਾ ਕਰਤੱਵ ਹੈ ਕਿ ਉਹ ਪਾਰਟੀ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਕਰਨ, ਜਦਕਿ ਧਾਰਾ 69 ਤਹਿਤ ਅਹੁਦੇ ਦੀ ਦੁਰਵਰਤੋਂ ਦੀ ਸਥਿਤੀ ਵਿੱਚ ਕਿਸੇ ਵੀ ਵਿਅਕਤੀ ਨੂੰ ਜ਼ਿੰਮੇਵਾਰੀ ਤੋਂ ਹਟਾਇਆ ਜਾ ਸਕਦਾ ਹੈ। ਇਸੇ ਦੇ ਆਧਾਰ ‘ਤੇ ਪ੍ਰਧਾਨ ਮੰਤਰੀ ਨੇ ਸਾਹ ਨੂੰ ਅਹੁਦੇ ਤੋਂ ਹਟਾ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

