ਚੰਡੀਗੜ੍ਹ : ਕਿਸਾਨਾਂ ਨੇ ਕਣਕ ਦੀ ਖਰੀਦ ਵਿੱਚ ਦੇਰੀ ਕਾਰਨ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ ਮਜ਼ਦੂਰ ਮੋਰਚਾ (KMM) , ਆਜ਼ਾਦ ਕਿਸਾਨ ਮੋਰਚਾ (AKM) ਸਮੇਤ ਕਈ ਕਿਸਾਨ ਜਥੇਬੰਦੀਆਂ ਨੇ 17 ਅਪ੍ਰੈਲ ਨੂੰ ਸੂਬਾ ਭਰ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ‘ਰੇਲ ਰੋਕੋ’ ਅੰਦੋਲਨ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਧਰਨੇ-ਪ੍ਰਦਰਸ਼ਨ ਵੀ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦੀ ਕਾਰਵਾਈ ਨਾ ਕੀਤੀ, ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਮੋਰਚੇ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਚੰਡੀਗੜ੍ਹ ਵਿੱਚ ਹੋਈ ਸੰਯੁਕਤ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੰਦੋਲਨ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਦਾ ਪਹਿਲਾਂ ਹੀ ਭਾਰੀ ਨੁਕਸਾਨ ਹੋ ਚੁੱਕਾ ਹੈ। ਇਸ ਦੇ ਬਾਵਜੂਦ ਸਰਕਾਰ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਸ਼ੁਰੂ ਨਹੀਂ ਕਰ ਸਕੀ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠ ਪਈ ਹੈ, ਜਿਸ ਕਾਰਨ ਨੁਕਸਾਨ ਹੋਰ ਵਧਣ ਦਾ ਖ਼ਤਰਾ ਬਣਿਆ ਹੋਇਆ ਹੈ।
ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਅਤੇ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੋਰਚੇ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਫਲ ਬਣਾਉਣ, ਤਾਂ ਜੋ ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

