ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਹੁਣ ਇਸ ਨੂੰ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਫੈਸਲਾ ਰਣਨੀਤੀ ਵਜੋਂ ਲਿਆ ਗਿਆ ਹੈ।
ਸਰਕਾਰ ਦੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ । ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਗੱਲਬਾਤ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਅਸੰਤੁਸ਼ਟੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਕੋਈ ਠੋਸ ਫੈਸਲਾ ਨਾ ਲਿਆ ਤਾਂ ਕਿਸਾਨ ਮੁੜ ਤੋਂ ਅੰਦੋਲਨ ਤੇਜ਼ ਕਰਨਗੇ। ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਜੇਕਰ ਲੋੜ ਪਈ ਤਾਂ ‘ਰੇਲ ਰੋਕੋ’ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲ ਪਹਿਲਾਂ ਹੀ ਪ੍ਰਭਾਵਿਤ ਹੈ ਪਰ ਸਰਕਾਰ ਖ਼ਰੀਦ ਪ੍ਰਤੀ ਗੰਭੀਰ ਨਹੀਂ ਜਾਪਦੀ। ਮੰਡੀਆਂ ਵਿੱਚ ਕਣਕ ਖਰਾਬ ਹੋ ਰਹੀ ਹੈ ਅਤੇ ਕੀਮਤਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਤੁਰੰਤ ਖਰੀਦ ਸ਼ੁਰੂ ਕਰਨ, ਬਾਰਦਾਨੇ ਦੀ ਘਾਟ ਦੂਰ ਕਰਨ ਅਤੇ ਮੰਡੀਆਂ ਵਿੱਚ ਮੁੱਢਲੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

