ਅਜਨਾਲਾ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਇਹ ਪੇਸ਼ੀ ਤੈਅ ਕੀਤੀ ਗਈ ਹੈ।
ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਤੋਂ ਬਾਅਦ ਹੁਣ ਉਨ੍ਹਾਂ ਦੇ ਖਿਲਾਫ ਦਰਜ ਮਾਮਲਿਆਂ ‘ਚ ਨਿਯਮਤ ਨਿਆਂਇਕ ਪ੍ਰਕਿਰਿਆ ਅੱਗੇ ਵਧ ਰਹੀ ਹੈ। ਇਸ ਤਹਿਤ ਅਦਾਲਤ ਵਿੱਚ ਵਰਚੁਅਲ ਮਾਧਿਅਮ ਰਾਹੀਂ ਸੁਣਵਾਈ ਹੋ ਰਹੀ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇਹਾਤ ਪੁਲਿਸ ਦੀ ਟੀਮ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਪਹੁੰਚ ਗਈ ਹੈ। ਜਿੱਥੋਂ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ਅਤੇ ਹੋਰ ਕਾਨੂੰਨੀ ਰਸਮਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਲਿਆਉਣ ਤੋਂ ਬਾਅਦ ਅਜਨਾਲਾ ਥਾਣੇ ‘ਤੇ ਹਮਲੇ ਸਮੇਤ ਕਈ ਦਰਜ ਕੇਸਾਂ ‘ਚ ਸਬੰਧਿਤ ਅਦਾਲਤਾਂ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਇਨ੍ਹਾਂ ਮਾਮਲਿਆਂ ਦੀ ਅਗਲੇਰੀ ਜਾਂਚ ਕਰਕੇ ਕਾਰਵਾਈ ਕਰੇਗੀ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਮਾਮਲੇ ਨੂੰ ਲੈ ਕੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

