ਪੰਜਾਬ – ਹਰਿਆਣਾ ‘ਚ ਮੀਂਹ ਅਤੇ ਗੜੇਮਾਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ‘ਔਰੇਂਜ ਅਲਰਟ’ ਜਾਰੀ, ਅਗਲੇ 48 ਘੰਟੇ ਰਹਿਣਗੇ ਅਹਿਮ

Global Team
3 Min Read

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਨਾਲੋਂ 4.7 ਡਿਗਰੀ ਹੇਠਾਂ ਪਹੁੰਚ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ (4 ਮਈ) ਗਰਜ-ਚਮਕ ਨਾਲ ਮੀਂਹ, 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗੜੇਮਾਰੀ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

22 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 13 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

ਹਵਾਵਾਂ ਦੀ ਰਫ਼ਤਾਰ 50-60 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਮੋਗਾ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੂਜੇ ਪਾਸੇ ਹਰਿਆਣਾ ਵਿੱਚ ਦੇਰ ਰਾਤ 8 ਜ਼ਿਲ੍ਹਿਆਂ ਵਿੱਚ ਜ਼ਬਰਦਸਤ ਬਾਰਿਸ਼ ਹੋਈ। ਹਿਸਾਰ, ਭਿਵਾਨੀ, ਸਿਰਸਾ ਅਤੇ ਮਹਿੰਦਰਗੜ੍ਹ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਉੱਥੇ ਹੀ, ਗੁਰੂਗ੍ਰਾਮ, ਨਾਰਨੌਲ, ਫ਼ਤਿਹਾਬਾਦ ਅਤੇ ਜੀਂਦ ਵਿੱਚ ਭਾਰੀ ਮੀਂਹ ਪਿਆ । ਇਸ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅੱਜ ਵੀ 11 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਮੌਸਮ ਅਜਿਹਾ ਹੀ ਬਣਿਆ ਰਹਿ ਸਕਦਾ ਹੈ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਅੱਜ ਸੋਮਵਾਰ ਤੋਂ ਕੈਥਲ, ਝੱਜਰ, ਗੁਰੂਗ੍ਰਾਮ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦਾ ਅਲਰਟ ਜਾਰੀ ਕੀਤਾ ਹੈ। ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਸਿਰਸਾ, ਫ਼ਤਿਹਾਬਾਦ, ਕੁਰੂਕਸ਼ੇਤਰ ਅਤੇ ਕਰਨਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment