ਬੇਅਦਬੀ ਕਾਨੂੰਨ ‘ਤੇ ਸਪੀਕਰ ਸੰਧਵਾਂ ਨੇ ਜਥੇਦਾਰ ਗੜਗਜ ਅੱਗੇ ਰੱਖਿਆ ਆਪਣਾ ਪੱਖ

Global Team
2 Min Read

ਅੰਮ੍ਰਿਤਸਰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਆਪਣਾ ਸਪਸ਼ਟੀਕਰਨ ਦਿੱਤਾ। ਬੇਅਦਬੀ ਦੇ ਮਾਮਲਿਆਂ ‘ਤੇ ਆਪ ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਸੰਬੰਧੀ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤ ਦੇ ਸਥਾਪਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤਾ ਗਿਆ ਸ੍ਰੀ ਅਕਾਲ ਤਖ਼ਤ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਨੇ ਦੱਸਿਆ ਕਿ ਜਥੇਦਾਰ ਵੱਲੋਂ ਤਲਬ ਕੀਤੇ ਜਾਣ ‘ਤੇ ਉਹ ਆਪਣੇ ਵਿਚਾਰ ਰੱਖਣ ਲਈ ਆਏ ਸਨ। ਹਾਲਾਂਕਿ ਮੀਟਿੰਗ ਦੀ ਵਿਸਥਾਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ।

ਸੰਧਵਾਂ ਨੇ ਕਿਹਾ ਕਿ ਉਹਨਾਂ ਨੇ ਜਥੇਦਾਰ ਸਾਹਿਬ ਨੂੰ ਯਕੀਨ ਦਵਾਇਆ ਹੈ ਕਿ ਅਗਲੇ ਸਮੇਂ ਵਿੱਚ ਜੋ ਵੀ ਫੈਸਲੇ ਹੋਣਗੇ, ਉਹ ਗੁਰੂ ਪੰਥ ਦੀ ਚੜ੍ਹਦੀ ਕਲਾ, ਸਿੱਖ ਭਾਵਨਾਵਾਂ ਅਤੇ ਸਮਾਜ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ ਵਿੱਚ ਸੋਧ ਲਈ ਪਹਿਲਾਂ ਅਖਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਗਏ ਸਨ ਅਤੇ ਲੋਕਾਂ ਤੋਂ ਸੁਝਾਅ ਮੰਗਣ ਲਈ ਸੰਪਰਕ ਨੰਬਰ ਵੀ ਦਿੱਤੇ ਗਏ ਸਨ, ਤਾਂ ਜੋ ਸਾਰੇ ਪੱਖਾਂ ਦੀ ਰਾਏ ਨਾਲ ਅੱਗੇ ਵਧਿਆ ਜਾ ਸਕੇ।

ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਧਾਰਮਿਕ ਅਤੇ ਰਾਜਨੀਤਿਕ ਵਰਗਾਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇੱਕ ਪਾਸੇ ਸਰਕਾਰ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਦੀ ਲੋੜ ਦੱਸ ਰਹੀ ਹੈ, ਜਦਕਿ ਦੂਜੇ ਪਾਸੇ ਧਾਰਮਿਕ ਸੰਸਥਾਵਾਂ ਪੰਥਕ ਭਾਗੀਦਾਰੀ ਅਤੇ ਮਰਯਾਦਾਵਾਂ ਨੂੰ ਤਰਜੀਹ ਦੇਣ ਦੀ ਗੱਲ ਕਰ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment