ਅਮਰੀਕਾ : ਵਿਦੇਸ਼ ਤੋਂ ਮੁੜ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸ਼ਾਹਕੋਟ ਦੇ ਰਹਿਣ ਵਾਲੇ 31 ਸਾਲਾ ਨੌਜਵਾਨ ਰਣਜੋਧ ਸਿੰਘ ਜੋਧਾ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਸ਼ਾਹਕੋਟ ਦੀ ਐਂਪਲਾਈਜ਼ ਕਲੋਨੀ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪਰਿਵਾਰ ਨੂੰ ਜਿਵੇਂ ਹੀ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ, ਘਰ ਵਿੱਚ ਮਾਤਮ ਛਾ ਗਿਆ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਰਣਜੋਧ ਸਿੰਘ ਵਿਆਹਿਆ ਹੋਇਆ ਸੀ ਅਤੇ ਉਨ੍ਹਾਂ ਦੇ 2 ਬੱਚੇ ਹਨ। ਮ੍ਰਿਤਕ ਰਣਜੋਧ ਸਿੰਘ ਦੇ ਛੋਟੇ ਭਰਾ ਬਵਨਜੋਤ ਸਿੰਘ ਬਵਨ ਨੇ ਦੱਸਿਆ ਕਿ ਰਣਜੋਧ ਸਿੰਘ ਕਈ ਦਿਨਾਂ ਬਾਅਦ ਕੰਮ ਤੋਂ ਘਰ ਆਏ ਸਨ ਅਤੇ ਦੇਰ ਰਾਤ ਜਦੋਂ ਉਹ ਬਾਥਰੂਮ ਗਏ ਤਾਂ ਉਨ੍ਹਾਂ ਨੂੰ ਉੱਥੇ ਹੀ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਹ ਡਿੱਗ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਰਣਜੋਧ ਸਿੰਘ ਪਿਛਲੇ ਕੁਝ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਉੱਥੇ ਆਪਣੇ ਭਰਾ ਕੋਲ ਪਰਿਵਾਰ ਸਮੇਤ ਰਹਿੰਦਾ ਸੀ ਅਤੇ ਉੱਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਮਿਹਨਤੀ ਸੁਭਾਅ ਦੇ ਰਣਜੋਧ ਸਿੰਘ ਨੇ ਸੁਹਿਰਦ ਭਵਿੱਖ ਲਈ ਵਿਦੇਸ਼ ਦਾ ਰੁਖ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਉਸ ਦੇ ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਵੀ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।
ਪਰਿਵਾਰ ਵੱਲੋਂ ਹੁਣ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕ ਦੀ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ। ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੇ ਇੱਕ ਵਾਰ ਫਿਰ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

