ਟਰੱਕ ਦੀ ਟੱਕਰ ਤੋਂ ਬਾਅਦ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚੀ ਹਾਹਾਕਾਰ! ਕਈ ਗੰਭੀਰ ਜ਼ਖਮੀ

Global Team
2 Min Read

ਮੋਹਾਲੀ : ਹਿਮਾਚਲ ਤੋਂ ਦਿੱਲੀ ਜਾ ਰਹੀ ਵੋਲਵੋ ਬੱਸ ਜ਼ੀਰਕਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪਲਟਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਡੇਰਾਬੱਸੀ ਹਸਪਤਾਲ ਲਿਜਾਇਆ ਗਿਆ ਅਤੇ ਉੱਥੋਂ ਕੁਝ ਲੋਕਾਂ ਨੂੰ ਸੈਕਟਰ 32 (ਚੰਡੀਗੜ੍ਹ) ਰੈਫ਼ਰ ਕੀਤਾ ਗਿਆ ਹੈ। ਕੁਝ ਯਾਤਰੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਸਮੇਂ ਬੱਸ ਵਿੱਚ ਲਗਭਗ 45 ਯਾਤਰੀ ਸਵਾਰ ਸਨ।

ਪੁਲਿਸ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਨਾਲੀ ਤੋਂ ਦਿੱਲੀ ਜਾ ਰਹੀ ਬੱਸ ਜ਼ੀਰਕਪੁਰ ਦੇ ਛੱਤ ਲਾਈਟ ਚੌਕ ਕੋਲ ਪਹੁੰਚੀ। ਇਸੇ ਦੌਰਾਨ ਜ਼ੀਰਕਪੁਰ ਤੋਂ ਪਟਿਆਲਾ ਵੱਲ ਜਾ ਰਹੇ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਸੜਕ ‘ਤੇ ਪਲਟ ਗਈ।

ਬੱਸ ਪਲਟਣ ਕਾਰਨ ਕਈ ਮੁਸਾਫਰ ਸੀਟਾਂ ਤੋਂ ਉਛਲ ਕੇ ਹੇਠਾਂ ਡਿੱਗ ਪਏ ਅਤੇ ਕੁਝ ਬੱਸ ਦੇ ਅੰਦਰ ਹੀ ਫਸ ਗਏ। ਯਾਤਰੀਆਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ, ਜਿਸ ਕਾਰਨ ਮੌਕੇ ‘ਤੇ ਹਫੜਾ ਦਫੜੀ ਮਚ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਬੱਸ ਦੇ ਹੇਠਾਂ ਦਬ ਗਿਆ, ਜਿਸ ਕਾਰਨ ਉਸ ਦੀ ਬਾਂਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਪੁਲਿਸ ਦੇ ਛੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਸਾਰੇ ਜ਼ਖਮੀਆਂ ਨੂੰ ਤੁਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੁਢਲੀ ਸਹਾਇਤਾ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਯਾਤਰੀਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment