ਚੰਡੀਗੜ੍ਹ : ਪੰਜਾਬ ਦੇ 9 ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਾਲੇਰਕੋਟਲਾ, ਫ਼ਤਹਿਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਰੂਪਨਗਰ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਘੰਟਿਆਂ ਵਿੱਚ ਇਹਨਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਸ਼ੁੱਕਰਵਾਰ ਨੂੰ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਹਿਮਾਚਲ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੋਈ ਬਾਰਸ਼ ਕਾਰਨ ਰਾਜ ਦੇ ਤਾਪਮਾਨ ਵਿੱਚ 3.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨਜ਼ਦੀਕ ਪਹੁੰਚ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਮੁਤਾਬਕ, ਸੂਬੇ ਵਿੱਚ ਅੱਜ ਕੁਝ ਥਾਵਾਂ ‘ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ, ਧੂੜ ਭਰੀ ਹਨੇਰੀ, ਬਿਜਲੀ ਲਿਸ਼ਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਅਗਲੇ 7 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।
ਹਰਿਆਣਾ ਵਿੱਚ ਵੀ ਭਿਆਨਕ ਗਰਮੀ ਦੇ ਵਿਚਕਾਰ ਕਈ ਜ਼ਿਲ੍ਹਿਆਂ ਤੋਂ ਰਾਹਤ ਦੀ ਖ਼ਬਰ ਹੈ। ਸੂਬੇ ਦੇ ਸਿਰਸਾ ਅਤੇ ਝੱਜਰ ਵਿੱਚ ਅੱਜ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਅੱਜ ਸਵੇਰੇ ਸਿਰਸਾ ਦੇ ਡੱਬਵਾਲੀ ਅਤੇ ਝੱਜਰ ਦੇ ਕਈ ਪਿੰਡਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਵੀ ਹੋਈ। ਫ਼ਤਿਹਆਬਾਦ ਵਿੱਚ ਵੀ ਬੂੰਦਾਬਾਂਦੀ ਹੋਈ, ਜਦੋਂ ਕਿ ਫ਼ਰੀਦਾਬਾਦ ਅਤੇ ਮਹਿੰਦਰਗੜ੍ਹ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ।
ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਵੀ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਸ਼ ਨੇ ਮੌਸਮ ਦਾ ਮਿਜ਼ਾਜ ਕੁਝ ਦੇਰ ਲਈ ਬਦਲ ਦਿੱਤਾ, ਜਿਸ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ। ਬਾਰਸ਼ ਅਤੇ ਹਨੇਰੀ ਦੇ ਚਲਦਿਆਂ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਅਤੇ ਵਿਜ਼ੀਬਿਲਟੀ ‘ਤੇ ਵੀ ਅਸਰ ਪਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

