ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕਾਂਡ: ਮੁੱਖ ਮੁਲਜ਼ਮ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

Global Team
3 Min Read

ਲੁਧਿਆਣਾ: ਮਸ਼ਹੂਰ ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਮਾਹਲਾ, ਜ਼ਿਲ੍ਹਾ ਮੋਗਾ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਹੈ। ਪੁਲੀਸ ਵੱਲੋਂ ਉਸ ਦੀ ਭਾਲ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਕੈਨੇਡਾ ਰਹਿੰਦਾ ਸੀ ਮੁੱਖ ਮੁਲਜ਼ਮ

ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਸੁਖਵਿੰਦਰ ਸਿੰਘ ਸੁੱਖਾ ਕੈਨੇਡਾ ਵਿੱਚ ਰਹਿੰਦਾ ਹੈ। ਜਾਣਕਾਰੀ ਮੁਤਾਬਕ, ਕਤਲ ਦੀ ਘਟਨਾ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ। ਉਸ ਨੂੰ ਕਾਬੂ ਕਰਨ ਲਈ ਪੁਲੀਸ ਨੇ LOC ਜਾਰੀ ਕਰਕੇ ਸਬੰਧਤ ਏਜੰਸੀਆਂ ਨੂੰ ਵੀ ਸੂਚਿਤ ਕੀਤਾ ਹੈ।

ਪਿਤਾ ਅਤੇ ਦੋ ਦੋਸਤ ਕਾਬੂ

ਪੁਲੀਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਦੇ ਪਿਤਾ ਪ੍ਰੀਤਮ ਸਿੰਘ ਅਤੇ ਉਸ ਦੇ ਦੋ ਦੋਸਤਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁੱਛਗਿੱਛ ਦੇ ਆਧਾਰ ’ਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਵਿਆਹ ਤੋਂ ਇਨਕਾਰ ਮਗਰੋਂ ਕਤਲ ਦਾ ਦੋਸ਼

ਪੁਲੀਸ ਜਾਂਚ ਅਨੁਸਾਰ, ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ ਕਰੀਬ ਛੇ ਸਾਲਾਂ ਤੋਂ ਇਕ-ਦੂਜੇ ਨੂੰ ਜਾਣਦੇ ਸਨ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਵਿੰਦਰ ਸਿੰਘ ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਉਸ ਦਾ ਪਿਤਾ ਵੀ ਇਸ ਲਈ ਸਹਿਮਤ ਸੀ।

ਦੱਸਿਆ ਜਾ ਰਿਹਾ ਹੈ ਕਿ ਗਾਇਕਾ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਗਈ।

ਨਹਿਰ ਵਿੱਚੋਂ ਮਿਲੀ ਸੀ ਲਾਸ਼

ਪਿਛਲੇ ਛੇ ਦਿਨਾਂ ਤੋਂ ਲਾਪਤਾ ਚੱਲ ਰਹੀ ਇੰਦਰ ਕੌਰ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋਂ ਨਹਿਰ ਵਿੱਚੋਂ ਬਰਾਮਦ ਹੋਈ ਸੀ। ਲਾਸ਼ ਮਿਲਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਕਤਲ ਨਾਲ ਜੁੜੇ ਕਈ ਮਹੱਤਵਪੂਰਨ ਸੁਰਾਗ ਹਾਸਲ ਕੀਤੇ।

ਪੁਲੀਸ ਨੇ ਇਸ ਮਾਮਲੇ ਵਿੱਚ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ, ਜਦਕਿ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment