ਚੰਡੀਗੜ੍ਹ : ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ ਲਈ ਵੋਟਿੰਗ ਹੋਵੇਗੀ। ਇਹਨਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਸ਼ਾਮਲ ਹਨ। ਇਹਨਾਂ ਤੋਂ ਇਲਾਵਾ 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੀ ਮਤਦਾਨ ਹੋਵੇਗਾ। ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਈ.ਵੀ.ਐਮ. (EVM) ਦੀ ਜਗ੍ਹਾ ਬੈਲਟ ਪੇਪਰ ਨਾਲ ਵੋਟਾਂ ਪਾਈਆਂ ਜਾਣਗੀਆਂ।
ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਕੁੱਲ 103 ਸੀਟਾਂ ‘ਤੇ 7555 ਉਮੀਦਵਾਰ ਮੈਦਾਨ ਵਿੱਚ ਹਨ।ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ। ਇਸ ਚੋਣ ਵਿੱਚ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਲਈ 36.73 ਲੱਖ ਵੋਟਰ ਮਤਦਾਨ ਕਰਨਗੇ।
ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 35 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੋਟਿੰਗ ਕਾਰਨ ਅੱਜ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸ਼ਰਾਬ ਦੀ ਵਿਕਰੀ ‘ਤੇ ਵੀ ਪਾਬੰਦੀ ਰਹੇਗੀ।
ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਸ ਵਾਰ ਵੋਟਿੰਗ ਦੌਰਾਨ ਬੂਥ ਦੇ ਅੰਦਰ 9 ਚੀਜ਼ਾਂ ਨੂੰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਵਾਰ ਮੋਬਾਈਲ ਪੂਰੀ ਤਰ੍ਹਾਂ ਬੈਨ ਰਹੇਗਾ। ਚੋਣ ਕਮਿਸ਼ਨਰ ਦਾ ਕਹਿਣਾ ਹੈ ਕਿ ਸਵਿੱਚ ਆਫ਼ ਮੋਬਾਈਲ ਵੀ ਪੋਲਿੰਗ ਬੂਥ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ, ਪਾਣੀ ਦੀ ਬੋਤਲ, ਸਿਆਹੀ, ਚਾਕੂ, ਪੇਚਕਸ, ਹਥਿਆਰ, ਕੈਮਰਾ, ਮਾਚਿਸ ਦੀ ਡੱਬੀ ਅਤੇ ਲਾਈਟਰ ਅੰਦਰ ਨਹੀਂ ਲੈ ਕੇ ਜਾ ਸਕਣਗੇ। ਉਹਨਾਂ ਨੇ ਕਿਹਾ ਕਿ ਵੋਟਰ ਆਪਣਾ ਮੋਬਾਈਲ ਘਰ ਰੱਖ ਕੇ ਹੀ ਵੋਟ ਪਾਉਣ ਲਈ ਨਿਕਲਣ।
ਰਾਜ ਚੋਣ ਕਮਿਸ਼ਨ ਮੁਤਾਬਕ ਵੋਟਿੰਗ ਲਈ ਕੁੱਲ 3,977 ਬੂਥ ਬਣਾਏ ਗਏ ਹਨ। ਇਹਨਾਂ ਵਿੱਚੋਂ 740 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ 274 ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਚੋਣ ਵਿੱਚ 36 ਹਜ਼ਾਰ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। 35 ਹਜ਼ਾਰ ਤੋਂ ਵੱਧ ਸੁਰੱਖਿਆ ਕਰਮੀ ਫੀਲਡ ਵਿੱਚ ਰਹਿਣਗੇ। ਹਰ ਬੂਥ ‘ਤੇ 5 ਮੁਲਾਜ਼ਮਾਂ ਦੀ ਤਾਇਨਾਤੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

