ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਭਾਰਤ ਨਾਲ ਫ੍ਰੀ ਟ੍ਰੇਡ ਸਮਝੌਤੇ ਨੂੰ ਲੈ ਕੇ ਗੱਲਬਾਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਇਸ ਸਮਝੌਤੇ ਨੂੰ ਕੈਨੇਡਾ ਦੇ ਕਾਰੋਬਾਰਾਂ ਅਤੇ ਮੁਲਾਜ਼ਮਾਂ ਲਈ ਵੱਡਾ ਬਦਲਾਅ ਲਿਆਉਣ ਵਾਲਾ ਕਦਮ ਦੱਸਿਆ ਹੈ।
ਮਾਰਕ ਕਾਰਨੀ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਸ ਸਮਝੌਤੇ ਨਾਲ ਕੈਨੇਡਾ ਨੂੰ ਭਾਰਤ ਵਰਗੇ ਵੱਡੇ ਬਾਜ਼ਾਰ ਤੱਕ ਪਹੁੰਚ ਮਿਲੇਗੀ। ਉਨ੍ਹਾਂ ਦੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੁਲਾਕਾਤ ਦੌਰਾਨ ਊਰਜਾ, ਖੇਤੀਬਾੜੀ, ਤਕਨਾਲੋਜੀ ਅਤੇ ਸਿੱਖਿਆ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਚਰਚਾ ਹੋਈ।
ਕੀ ਬੋਲੇ ਪਿਯੂਸ਼ ਗੋਇਲ?
ਕੇਂਦਰੀ ਵਪਾਰ ਮੰਤਰੀ ਪਿਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿੱਘੀਆਂ ਸ਼ੁਭਕਾਮਨਾਵਾਂ ਪਹੁੰਚਾਈਆਂ। ਗੋਇਲ ਨੇ ਕਿਹਾ ਕਿ ਕਾਰਨੀ ਦੀ ਹਾਲੀਆ ਭਾਰਤ ਯਾਤਰਾ ਨੇ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੀਂ ਰਫ਼ਤਾਰ ਅਤੇ ਭਰੋਸਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਗੱਲਬਾਤ ਦਾ ਕੇਂਦਰ ਭਵਿੱਖ ਵਿੱਚ ਦੋਵੇਂ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣਾ ਰਿਹਾ। ਇਸ ਦੌਰਾਨ ਭਾਰਤ-ਕੈਨੇਡਾ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (CEPA) ਨੂੰ ਜਲਦੀ ਅੰਤਿਮ ਰੂਪ ਦੇਣ ਦੀ ਉਮੀਦ ਵੀ ਜਤਾਈ ਗਈ। ਗੋਇਲ ਮੁਤਾਬਕ ਇਹ ਸਮਝੌਤਾ ਦੋਵੇਂ ਦੇਸ਼ਾਂ ਲਈ ਵਿਕਾਸ ਅਤੇ ਤਰੱਕੀ ਦੇ ਨਵੇਂ ਮੌਕੇ ਖੋਲ੍ਹ ਸਕਦਾ ਹੈ।
ਕੀ ਬੋਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ?
ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਫ੍ਰੀ ਟਰੇਡ ਡੀਲ ਨੂੰ ਲੈ ਕੇ ਗੱਲਬਾਤ ਜਾਰੀ ਹੈ ਅਤੇ ਇਹ ਸਮਝੌਤਾ ਕੈਨੇਡਾ ਦੇ ਕਾਰੋਬਾਰਾਂ ਅਤੇ ਕਰਮਚਾਰੀਆਂ ਲਈ ਵੱਡਾ ਬਦਲਾਅ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਨੇਡਾ ਨੂੰ ਇੱਕ ਵਿਸ਼ਾਲ ਨਵੇਂ ਬਾਜ਼ਾਰ ਤੱਕ ਪਹੁੰਚ ਮਿਲੇਗੀ।
ਕਾਰਨੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਯੂਸ਼ ਗੋਇਲ ਨਾਲ ਹੁਣ ਤੱਕ ਹੋਈ ਤਰੱਕੀ ਦੀ ਸਮੀਖਿਆ ਕੀਤੀ ਹੈ। ਇਸ ਦੇ ਨਾਲ ਹੀ ਊਰਜਾ, ਖੇਤੀ-ਖੁਰਾਕ, ਤਕਨਾਲੋਜੀ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਦੋਵੇਂ ਦੇਸ਼ਾਂ ਲਈ ਮੌਜੂਦ ਮੌਕਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੰਮ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
We’re negotiating a free trade deal with India. This will be a game changer for Canadian workers and businesses — unlocking a massive new market.
We’re working fast — I met Minister @PiyushGoyal to review our progress so far and explore the opportunities ahead for both our… pic.twitter.com/LmiuwQzDmE
— Mark Carney (@MarkJCarney) May 26, 2026
ਪਿਊਸ਼ ਗੋਇਲ ਇਸ ਵੇਲੇ ਤਿੰਨ ਦਿਨਾਂ ਦੇ ਕੈਨੇਡਾ ਦੌਰੇ ‘ਤੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਅਤੇ ਕੈਨੇਡਾ ਦਾ ਟੀਚਾ ਇਸ ਸਾਲ ਦੇ ਅੰਤ ਤੱਕ ਫ੍ਰੀ ਟ੍ਰੇਡ ਸਮਝੌਤੇ ਨੂੰ ਅੰਤਿਮ ਰੂਪ ਦੇਣਾ ਹੈ। ਦੋਵੇਂ ਦੇਸ਼ 2030 ਤੱਕ ਆਪਸੀ ਵਪਾਰ ਨੂੰ 17 ਅਰਬ ਡਾਲਰ ਤੋਂ ਵਧਾ ਕੇ 50 ਅਰਬ ਡਾਲਰ ਤੱਕ ਲਿਜਾਣਾ ਚਾਹੁੰਦੇ ਹਨ।
ਗੋਇਲ ਨੇ ਇਹ ਵੀ ਦੱਸਿਆ ਕਿ ਭਾਰਤ ਦੀਆਂ 112 ਕੰਪਨੀਆਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਕੈਨੇਡਾ ਪਹੁੰਚਿਆ ਹੈ। ਇਸ ਵਿੱਚ ਊਰਜਾ, ਦਵਾਈਆਂ, ਤਕਨਾਲੋਜੀ, ਆਟੋਮੋਬਾਈਲ ਅਤੇ ਖੇਤੀਬਾੜੀ ਖੇਤਰ ਦੀਆਂ ਕਈ ਕੰਪਨੀਆਂ ਸ਼ਾਮਲ ਹਨ।

