ਚੰਡੀਗੜ੍ਹ: ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਮਹਿਲਾਵਾਂ, ਮਰਦਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਅਚਾਨਕ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜੋ ਕਿ ਅਜੇ ਵੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਸਮਾਰੋਹ ਵਿਚ ਜਿਸ ਨੇ ਵੀ ਖਾਣਾ ਖਾਧਾ ਅਚਾਨਕ ਉਸ ਨੂੰ ਉਲਟੀ ਦਸਤ ਹੋਣ ਲੱਗ ਗਏ।
ਸਿਹਤ ਵਿਭਾਗ ਨੇ ਵਿਆਹ ਸਮਾਰੋਹ ਵਿਚ ਪਰੋਸੇ ਗਏ ਖਾਣੇ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਰਕਾਰੀ ਹਸਪਤਾਲ ਵਿਚ 81 ਲੋਕ ਇਲਾਜ ਲਈ ਪਹੁੰਚ ਗਏ। ਬੀਮਾਰ ਲੋਕਾਂ ਦਾ ਕਹਿਣਾ ਹੈ ਕਿ ਕਈ ਲੋਕ ਹਰਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਦਾਖਲ ਹਨ। ਸੂਚਨਾ ਮਿਲਦੇ ਹੀ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੌਕੇ ‘ਤੇ ਪਹੁੰਚੇ।
ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਵੀ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੇ ਬੀਮਾਰ ਲੋਕਾਂ ਦਾ ਹਾਲ-ਚਾਲ ਜਾਣਿਆ ਹੈ। ਲੋਕਾਂ ਨੇ ਦੱਸਿਆ ਕਿ ਇਹ ਸਮਾਗਮ ਦੁਪਹਿਰ ਨੂੰ ਮੂਨਕ ਵਿਚ ਇਕ ਧਰਮਸ਼ਾਲਾ ਵਿਚ ਸੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐੱਸ ਡੀ ਐੱਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਦੇ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਪਲ-ਪਲ ਦੀ ਸਥਿਤੀ ‘ਤੇ ਨਜ਼ਰ ਰੱਖਣਗੇ। ਇਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫ਼ਰ ਵੀ ਕੀਤਾ ਗਿਆ।

