ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ

Global Team
3 Min Read

ਮਾਨਸਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਜਿੱਥੇ ਪਰਿਵਾਰ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਦੇ ਨਾਲ -ਨਾਲ  ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮਾਨਸਾ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਗੁਲਾਬ ਸਿੱਧੂ, ਬਲਕਾਰ ਅਣਖੀਲਾ ਅਤੇ ਜਸਕਰਨ ਗਰੇਵਾਲ ਸਮੇਤ ਪੰਜਾਬੀ ਗਾਇਕਾਂ ਨੇ ਸਿੱਧੂ ਮੂਸੇ ਵਾਲਾ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕੀਤੀ।

ਉੱਥੇ ਹੀ ਪਿੰਡ ਮੂਸਾ ਦੀ ਪੰਚਾਇਤ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫਾ ਦਿੱਤਾ ਗਿਆ। ਪੰਚਾਇਤ ਨੇ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਇਕ ਖੇਡ ਸਟੇਡੀਅਮ ਸਮਰਪਿਤ ਕੀਤਾ। ਇਸ ਖੇਡ ਸਟੇਡੀਅਮ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਨਵਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਹੈ।

ਪਿੰਡ ਪੰਚਾਇਤ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਜੋ ਵੀ ਸੁਪਨੇ ਸਨ, ਉਹਨਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਪੰਚਾਇਤ ਅਨੁਸਾਰ ਇਹ ਸਟੇਡੀਅਮ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਬਰਸੀ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਅਤੇ ਇਲਾਕਾ ਵਾਸੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਆਪਣੇ ਜੀਣ ਦੇ ਅਧਿਕਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਗੁਹਾਰ ਲਗਾਉਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਮਾਈ ਹੜਪਣ ਵਾਲਿਆਂ ਖ਼ਿਲਾਫ਼ ਕੇਸ ਦਰਜ ਹੋਏ ਤਿੰਨ ਮਹੀਨੇ ਬੀਤ ਚੁੱਕੇ ਹਨ ਪਰ ਹਾਲੇ ਤੱਕ ਲੁੱਕ ਆਉਟ ਸਰਕੂਲਰ (LOC) ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਸਮਝੌਤਾ ਕਰਵਾਉਣਾ ਚਾਹੁੰਦੀ ਹੈ ਪਰ ਉਹ ਕਦੇ ਵੀ ਇਨਸਾਫ਼ ਲਈ ਲੜਾਈ ਨਹੀਂ ਛੱਡਣਗੇ। ਉਨ੍ਹਾਂ ਇਹ ਵੀ ਆਰੋਪ ਲਗਾਇਆ ਕਿ ਕਾਂਗਰਸ ਦੇ ਕੁਝ ਆਗੂ ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਵਿਧਾਨ ਸਭਾ ਚੋਣ ਨਾ ਲੜ ਸਕਣ। ਹਾਲਾਂਕਿ ਉਨ੍ਹਾਂ ਵਿਧਾਨ ਸਭਾ ਚੋਣ ਲੜਨ ਦਾ ਸੰਕਲਪ ਦੁਹਰਾਇਆ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਸੁਪਨਾ ਵਿਧਾਨ ਸਭਾ ਵਿੱਚ ਜਾਣ ਦਾ ਸੀ ਅਤੇ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਣ ਵਿਧਾਨ ਸਭਾ ਤੱਕ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਧੂ ਦਾ ਸੁਪਨਾ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਸੀ ਅਤੇ ਹੁਣ ਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਦਾ ਉਦਘਾਟਨ ਵੀ ਕੀਤਾ ਗਿਆ ਹੈ।

Share This Article
Leave a Comment