ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਠੇਕਾ ਆਧਾਰਿਤ ਮੁਲਾਜ਼ਮਾਂ ਦੇ ਹੱਕ ਵਿੱਚ ਇਕ ਅਹਿਮ ਅਤੇ ਇਤਿਹਾਸਕ ਫ਼ੈਸਲਾ ਲਿਆ ਹੈ। ਕੈਬਨਿਟ ਨੇ ਦਹਾਕਿਆਂ ਤੋਂ ਚੱਲ ਰਹੀ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ 65,048 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਰੋਡਮੈਪ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਫ਼ੈਸਲੇ ਨਾਲ ਸਰਕਾਰੀ ਨੌਕਰੀਆਂ ਵਿੱਚ ਪ੍ਰਾਈਵੇਟ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਕਰਨ ਦਾ ਰਾਹ ਸਾਫ਼ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ, ਮਾਣ-ਸਤਿਕਾਰ ਅਤੇ ਪੱਕੀ ਸੇਵਾ ਵੱਲ ਸਪੱਸ਼ਟ ਰਸਤਾ ਮਿਲੇਗਾ।
ਦੋ ਨਵੇਂ ਬਿੱਲ ਅਤੇ ਆਰਡੀਨੈਂਸ ਨੂੰ ਮਨਜ਼ੂਰੀ
ਕੈਬਨਿਟ ਨੇ ਇਸ ਬਦਲਾਅ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਸਾਲ 2016 ਦੇ ਮੁਲਾਜ਼ਮ ਭਲਾਈ ਕਾਨੂੰਨ ਨੂੰ ਰੱਦ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸਰਕਾਰ ਨੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ੀਸ਼ਨ ਟੂ ਕੰਟਰੈਕਟੁਅਲ ਐਂਗੇਜਮੈਂਟ) ਬਿੱਲ, 2026’ ਅਤੇ ‘ਪੰਜਾਬ ਕੰਟਰੈਕਟੁਅਲ ਪਰਸੋਨਲ (ਐਬਜ਼ੋਰਪਸ਼ਨ ਅਗੇਂਸਟ ਸੈਂਕਸ਼ਨਡ ਵੈਕੈਂਸੀਜ਼) ਬਿੱਲ, 2026’ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਬਿੱਲਾਂ ਰਾਹੀਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰ ਅਧੀਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
5 ਸਾਲ ਸੇਵਾ ਵਾਲੇ ਮੁਲਾਜ਼ਮ ਹੋਣਗੇ ਯੋਗ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 65 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਪੰਜਾਬ ਦੀ ਸੇਵਾ ਵਿੱਚ ਲਗਾਏ ਹਨ ਅਤੇ ਹੁਣ ਉਨ੍ਹਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਕੋਈ ਠੇਕੇਦਾਰ ਨਹੀਂ ਹੋਵੇਗਾ।
ਨਵੇਂ ਪ੍ਰਸਤਾਵ ਮੁਤਾਬਕ ਗਰੁੱਪ ਸੀ ਅਤੇ ਗਰੁੱਪ ਡੀ ਦੇ ਉਹ ਆਊਟਸੋਰਸ ਮੁਲਾਜ਼ਮ, ਜਿਨ੍ਹਾਂ ਨੇ ਪੰਜ ਸਾਲ ਦੀ ਲਗਾਤਾਰ ਸੇਵਾ ਪੂਰੀ ਕਰ ਲਈ ਹੈ, ਸਿੱਧੇ ਸਰਕਾਰੀ ਕੰਟਰੈਕਟ ਰੁਜ਼ਗਾਰ ਅਧੀਨ ਲਿਆਂਦੇ ਜਾਣਗੇ। ਜਦਕਿ ਖ਼ਤਰਨਾਕ ਸ਼੍ਰੇਣੀਆਂ ਵਿੱਚ ਕੰਮ ਕਰ ਰਹੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਤੋਂ ਬਾਅਦ ਇਸ ਲਈ ਯੋਗ ਹੋਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਕੈਬਨਿਟ ਵੱਲੋਂ ਮਨਜ਼ੂਰ ਕੀਤੇ ਗਏ ਆਰਡੀਨੈਂਸ ਗਵਰਨਰ ਕੋਲ ਭੇਜੇ ਜਾਣਗੇ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਮੌਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਦੇ ਰੂਪ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

