ਕੈਬਨਿਟ ਮੰਤਰੀ ਹਰਭਜਨ ਸਿੰਘ ETO ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Global Team
3 Min Read

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਗੁਰੂ ਜੀ ਅੱਗੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਹ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਨ ਆਏ ਹਨ।

ਉਨ੍ਹਾਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ।

2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਹਨ। ਜਿਨ੍ਹਾਂ ਦੇ ਸਕਾਰਾਤਮਕ ਨਤੀਜੇ ਚੋਣਾਂ ਵਿੱਚ ਦੇਖਣ ਨੂੰ ਮਿਲ ਰਹੇ ਹਨ।

ਉਨ੍ਹਾਂ ਨੇ ਆਪਣੇ ਹਲਕੇ ਜੰਡਿਆਲਾ ਗੁਰੂ ਦਾ ਜ਼ਿਕਰ ਕਰਦੇ ਹੋਏ ਕਿਹਾ ਇਥੋਂ ਆਮ ਆਦਮੀ ਪਾਰਟੀ ਨੇ 15 ਵਿੱਚੋਂ 13 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਜਿਸ ਦੇ ਲਈ ਉਨ੍ਹਾਂ ਦੀ ਸਥਾਨਿਕ ਲੋਕਾਂ ਦਾ ਧੰਨਵਾਦ ਕੀਤਾ। ਆਖਰ ਵਿੱਚ ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਵਰਗੇ ਵਿਰੋਧੀ ਆਗੂਆਂ ਵੱਲੋਂ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਗੜਬੜੀ ਦੇ ਲਾਏ ਦੋਸ਼ਾਂ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਲੈ ਕੇ ਵੋਟਾਂ ਪੈਣ ਅਤੇ ਗਿਣਤੀ ਤੱਕ ਦੀ ਪੂਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਰਹੀ ਹੈ, ਅਤੇ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

Share This Article
Leave a Comment