17 ਸਾਲਾ ਵਿਦਿਆਰਥਣ ਸੁਸਾਈਡ ਮਾਮਲੇ ‘ਚ ਸਿੱਖਿਆ ਮੰਤਰੀ ਸਖ਼ਤ, ਸਕੂਲ ਪ੍ਰਬੰਧਨ ਖਿਲਾਫ ਕੇਸ ਦਰਜ

Global Team
2 Min Read

ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਵਿੱਚ ਨਿੱਜੀ ਸਕੂਲ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਬੰਧਨ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਰਜੋਤ ਸਿੰਘ ਬੈਂਸ  ਨੇ ਕਿਹਾ ਕਿ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮ੍ਰਿਤਕਾ ਦੀ ਪਛਾਣ ਅਮਜੋਤ ਕੌਰ ਔਲਖ ਵਜੋਂ ਹੋਈ ਹੈ, ਜੋ ਡੀ.ਡੀ.ਆਈ.ਐਸ. (DDIS) ਸਕੂਲ ਵਿੱਚ ਪੜ੍ਹਾਈ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਫੀਸ ਜਮ੍ਹਾਂ ਨਾ ਹੋਣ ਕਾਰਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਹਾਸਿਲ ਜਾਣਕਾਰੀ ਅਨੁਸਾਰ ਵਿਦਿਆਰਥਣ ਦੀ ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਕੂਲ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Share This Article
Leave a Comment