ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਹਸਪਤਾਲ ਦੀ ਐਮਜੈਂਸੀ ਵਾਰਡ ‘ਚ ਧਮਾਕਾ ਹੋਇਆ ਹੈ। ਨੇੜੇ ਦੇ ਦੁਕਾਨਦਾਰਾਂ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜ਼ਿਆਦਾ ਸੀ ਜੋ ਦੂਰ-ਦੂਰ ਤੱਕ ਸੁਣਾਈ ਦਿੱਤੀ ਹੈ। ਧਮਾਕੇ ਤੋਂ ਬਾਅਦ ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਦੀ ਤਸਵੀਰ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਕਲਾਨੌਰ ਦੇ ਇਸ ਹਸਪਤਾਲ ਦੇ ਡਾਕਟਰ ਲੰਬੇ ਸਮੇਂ ਤੋਂ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹੇ ਹਨ। ਫਿਰੌਤੀ ਨਾ ਦੇਣ ‘ਤੇ ਹਸਪਤਾਲ ‘ਤੇ ਪਹਿਲਾਂ ਵੀ ਦੋ ਵਾਰ ਹਮਲਾ ਹੋਇਆ ਹੈ। ਦੋਵਾਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲਗਾਤਾਰ ਧਮਕੀਆਂ ਅਤੇ ਹਮਲਿਆਂ ਦੇ ਬਾਵਜੂਦ, ਇਹ ਤੀਜਾ ਵੱਡਾ ਹਮਲਾ ਸੁਰੱਖਿਆ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਟੀਮਾਂ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ।
ਐਸਐਸਪੀ ਆਦਿਤਿਆ ਨੇ ਦੱਸਿਆ ਕਿ ਕਲਾਨੌਰ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਹਸਪਤਾਲ ਵਿੱਚ ਬਹੁਤ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ ਹੈ। ਸੂਚਨਾ ਮਿਲਣ ‘ਤੇ ਕਲਾਨੌਰ ਪੁਲਿਸ ਸਟੇਸ਼ਨ ਦੇ ਐਸਐਚਓ ਅਤੇ ਡੀਐਸਪੀ ਕਲਾਨੌਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਮੁਆਇਨਾ ਕੀਤਾ। ਹਸਪਤਾਲ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸਾਨੂੰ ਇਸ ਸਬੰਧ ਵਿੱਚ ਕੁਝ ਬਹੁਤ ਮਹੱਤਵਪੂਰਨ ਸੁਰਾਗ ਮਿਲੇ ਹਨ, ਜਿਨ੍ਹਾਂ ‘ਤੇ ਅਸੀਂ ਕੰਮ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

