ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਪੀਐਮ ਮੋਦੀ ਦੀ ਦਿਲ ਖੋਲ੍ਹ ਕੇ ਤਾਰੀਫ਼ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਸਮਝੌਤਾ ਹੋਵੇਗਾ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਜਲਦੀ ਹੀ ਇੱਕ ਵੱਡਾ ਵਪਾਰਕ ਸਮਝੌਤਾ ਹੋ ਸਕਦਾ ਹੈ। ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਬਹੁਤ ਚੰਗੇ ਦੋਸਤ ਹਨ। ਸਾਡੇ ਸਬੰਧ ਚੰਗੇ ਹਨ ਅਤੇ ਅਸੀਂ ਇੱਕ-ਦੂਜੇ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ।
ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਪਾਰਕ ਸਮਝੌਤੇ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਟਰੰਪ ਨੇ ਕਿਹਾ ਕਿ ਕਈ ਸਾਲਾਂ ਤੱਕ ਭਾਰਤ ਨੇ ਅਮਰੀਕਾ ‘ਤੇ ਉੱਚੇ ਆਯਾਤ ਟੈਕਸ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਅਮਰੀਕੀ ਉਤਪਾਦਾਂ ‘ਤੇ ਭਾਰੀ ਟੈਰਿਫ ਵਸੂਲਦਾ ਸੀ, ਜਦੋਂ ਕਿ ਅਮਰੀਕਾ ਨੂੰ ਉਸ ਦਾ ਬਰਾਬਰ ਫਾਇਦਾ ਨਹੀਂ ਮਿਲਦਾ ਸੀ।
ਟਰੰਪ ਨੇ ਕਿਹਾ ਕਿ ਹੁਣ ਸਥਿਤੀ ਬਦਲ ਗਈ ਹੈ ਅਤੇ ਅਮਰੀਕਾ ਭਾਰਤ ਨਾਲ ਵਪਾਰ ਤੋਂ ਚੰਗੀ ਕਮਾਈ (ਮਾਲੀਆ) ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ, ‘ਅਸੀਂ ਇੱਕ ਸਮਝੌਤੇ ‘ਤੇ ਪਹੁੰਚਾਂਗੇ, ਕਿਉਂਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਸੰਦ ਕਰਦਾ ਹਾਂ। ਉਹ ਮੇਰੇ ਚੰਗੇ ਦੋਸਤ ਹਨ ਅਤੇ ਸਾਡੇ ਸਬੰਧ ਬਹੁਤ ਚੰਗੇ ਹਨ’।
ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਅੰਤਰਿਮ ਦੁਵੱਲੇ ਵਪਾਰਕ ਸਮਝੌਤੇ ਨੂੰ ਲੈ ਕੇ ਗੱਲਬਾਤ ਜਾਰੀ ਹੈ। ਇਸੇ ਸਿਲਸਿਲੇ ਵਿੱਚ ਅਮਰੀਕੀ ਵਫ਼ਦ ਇਸ ਹਫ਼ਤੇ ਭਾਰਤ ਦੌਰੇ ‘ਤੇ ਆਇਆ ਸੀ। ਚਾਰ ਦਿਨਾਂ ਤੱਕ ਚੱਲੀ ਇਹ ਵਾਰਤਾ ਵੀਰਵਾਰ ਨੂੰ ਖ਼ਤਮ ਹੋਈ। ਭਾਰਤ ਦੇ ਵਣਜ ਮੰਤਰਾਲੇ ਨੇ ਕਿਹਾ ਕਿ ਦੋਵਾਂ ਪੱਖਾਂ ਵਿਚਾਲੇ ਗੱਲਬਾਤ ਸਹਿਯੋਗ ਅਤੇ ਵਿਹਾਰਕ ਪਹੁੰਚ ਨਾਲ ਹੋਈ। ਭਾਰਤ ਅਤੇ ਅਮਰੀਕਾ ਨੇ ਇੱਕ ਅਜਿਹੇ ਸਮਝੌਤੇ ‘ਤੇ ਸਹਿਮਤੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਵਪਾਰਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲੇ ਅਤੇ ਦੋਵਾਂ ਨੂੰ ਬਰਾਬਰ ਫਾਇਦਾ ਹਾਸਲ ਹੋਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

