ਬਟਾਲਾ: ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਿਸ ਆ ਰਹੇ ਸ਼ਰਧਾਲੂਆਂ ਦੇ ਟੈਂਪੋ ਟਰੈਵਲਰ ਦੀ ਇੱਕ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ 14 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।ਇਹ ਹਾਦਸਾ ਅੱਜ ਸ਼ੁੱਕਰਵਾਰ ਦੀ ਸਵੇਰ ਤੜਕਸਾਰ ਕਰੀਬ 5 ਵਜੇ ਵਾਪਰਿਆ ਹੈ।
ਜਾਣਕਾਰੀ ਅਨੁਸਾਰ ਉਧੋਵਾਲ ਅੱਡੇ ਨੇੜੇ ਅੱਗੇ ਜਾ ਰਹੇ ਟਿੱਪਰ ਚਾਲਕ ਨੇ ਅਚਾਨਕ ਮੋੜ ਕੱਟ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟੈਂਪੋ ਟ੍ਰੈਵਲਰ ਦੀ ਟਿੱਪਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟੈਂਪੋ ਟ੍ਰੈਵਲਰ ਦੇ ਪਰਖੱਚੇ ਉੱਡ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੀੜਤ ਪਰਿਵਾਰ ਆਮ ਆਦਮੀ ਪਾਰਟੀ (ਆਪ) ਸਰਦੂਲਗੜ੍ਹ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਰੇਗੂਲੇਟਰੀ ਦੇ ਸਾਬਕਾ ਡਾਇਰੈਕਟਰ ਨੇਮ ਚੰਦ ਚੌਧਰੀ ਦਾ ਸੀ, ਜੋ ਗੱਡੀ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਿਆ ਹੋਇਆ ਸੀ। ਹਾਦਸੇ ਦੌਰਾਨ ਨੇਮ ਚੰਦ ਚੌਧਰੀ ਦੇ ਜੀਜਾ ਭੂਸ਼ਨ ਜੈਨ ਅਤੇ ਉਨ੍ਹਾਂ ਦੀ ਭੈਣ ਬਿੱਲੋ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਥਾਨਿਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖ਼ਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਠਾਨਕੋਟ, ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਰਿਵਾਰ ਨਾਲ ਵਾਪਰੇ ਇਸ ਭਾਣੇ ਕਾਰਨ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਨੇਮ ਚੰਦ ਚੌਧਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਮੌਕੇ ‘ਤੇ ਪਹੁੰਚੇ ਐੱਸਐੱਸਐੱਫ ਚੌਕੀ ਇੰਚਾਰਜ ਹਰਦਿਆਲ ਜੌਹਲ ਨੇ ਦੱਸਿਆ ਕਿ ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਟਿੱਪਰ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

