ਦਿੱਲੀ ਕੂਚ ਕਰ ਰਹੇ ਕਾਕਰੋਚ ਜਨਤਾ ਪਾਰਟੀ ਦੇ ਸਮਰਥਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Global Team
3 Min Read

ਹਰਿਆਣਾ : ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਨੂੰ ਲੈ ਕੇ ਹਰਿਆਣਾ ਪੁਲਿਸ ਵੀ ਅਲਰਟ ‘ਤੇ ਹੈ। ਰੋਹਤਕ-ਦਿੱਲੀ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਦਿੱਲੀ ਵਿੱਚ ਆਯੋਜਿਤ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਜਾ ਰਹੇ ਨੌਜਵਾਨਾਂ ਨੂੰ ਪੁਲਿਸ ਨੇ ਨੈਸ਼ਨਲ ਹਾਈਵੇਅ ਨੰਬਰ 9 ‘ਤੇ ਸਥਿਤ ਝੱਜਰ-ਰੋਹਤਕ ਦੀ ਸਾਂਪਲਾ ਸਰਹੱਦ ‘ਤੇ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੈਦੇਵ ਡਾਗਰ ਆਪਣੇ ਸਮਰਥਕਾਂ ਦੇ ਨਾਲ ਗੱਡੀਆਂ ਵਿੱਚ ਸਵਾਰ ਹੋ ਕੇ ਦਿੱਲੀ ਕੂਚ ਕਰ ਰਹੇ ਸਨ, ਉਦੋਂ ਹੀ ਰੋਹਦ ਟੋਲ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕ ਲਿਆ।ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਕਾਫ਼ੀ ਬਹਿਸ ਵੀ ਹੋਈ। ਪਰ, ਪੁਲਿਸ ਜੈਦੇਵ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਥਾਣੇ ਲੈ ਗਈ। ਹਰਿਆਣਾ ਪੁਲਿਸ ਦਿੱਲੀ ਜਾਣ ਵਾਲੇ ਹੋਰ ਨੌਜਵਾਨਾਂ ਦੀ ਵੀ ਫੜੋ-ਫੜੀ ਕਰ ਰਹੀ ਹੈ।

ਹਿਰਾਸਤ ਵਿੱਚ ਲਏ ਜਾਣ ਦਾ ਵਿਰੋਧ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਡਾਗਰ ਨੇ ਪੁਲਿਸ ਤੋਂ ਇਸ ਕਾਰਵਾਈ ਦਾ ਕਾਰਨ ਪੁੱਛਿਆ ਅਤੇ ਸਵਾਲ-ਜਵਾਬ ਕੀਤੇ, ਪਰ ਪੁਲਿਸ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਪਹਿਲਾਂ ਸਾਂਪਲਾ ਥਾਣੇ ਲੈ ਗਈ, ਜਿੱਥੋਂ ਬਾਅਦ ਵਿੱਚ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਲਈ ਰੋਹਤਕ ਲੈ ਜਾਇਆ ਗਿਆ ਹੈ।

ਦੱਸ ਦੇਈਏ ਕਿ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਸ਼ਨੀਵਾਰ ਸਵੇਰੇ 7:45 ਵਜੇ ਅਮਰੀਕਾ ਤੋਂ ਦਿੱਲੀ ਪਹੁੰਚੇ। ਉਨ੍ਹਾਂ ਨੇ ਆਪਣੇ ‘X’ ‘ਤੇ ਪੋਸਟ ਕਰਕੇ ਲਿਖਿਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਅਸੀਂ ਸਿੱਧੇ ਜੰਤਰ-ਮੰਤਰ ‘ਤੇ ਇਕੱਠੇ ਹੋ ਸਕਦੇ ਹਾਂ।

ਇਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਪੁੱਜੇ। ਇਹ ਪ੍ਰਦਰਸ਼ਨ NEET-UG ਪੇਪਰ ਲੀਕ ਅਤੇ CBSE, CUET, SSC-GD ਵਰਗੀਆਂ ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਖ਼ਿਲਾਫ਼ ਹੈ। ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment