ਨਿਊਜ਼ ਡੈਸਕ: ਜਰਮਨੀ ‘ਚ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਇੱਕ ਦਹਾਕੇ (10 ਸਾਲ) ਤੋਂ ਜਰਮਨੀ ਵਿੱਚ ਰਹਿ ਰਿਹਾ ਸੀ।ਮਿਲੀ ਜਾਣਕਾਰੀ ਅਨੁਸਾਰ ਇੱਕ ਮੰਦਿਰ ਦੇ ਵਿਵਾਦ ਨੂੰ ਸੁਲਝਾਉਣ ਅਤੇ ਸਮਝੌਤਾ ਕਰਵਾਉਣ ਦੌਰਾਨ ਕੁਝ ਨੌਜਵਾਨਾਂ ਨੇ ਰਾਜਵਿੰਦਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਸ ਦੇ ਪਿਤਾ ਜਰਨੈਲ ਸਿੰਘ ਅਨੁਸਾਰ ਰਾਜਵਿੰਦਰ ਚੰਗੇ ਭਵਿੱਖ ਦੀ ਭਾਲ ਵਿੱਚ ਕਰੀਬ 10 ਸਾਲ ਪਹਿਲਾਂ ਜਰਮਨੀ ਗਿਆ ਸੀ ਅਤੇ ਬਾਅਦ ਵਿੱਚ ਉਸ ਨੇ ਜਰਮਨੀ ਦੀ ਨਾਗਰਿਕਤਾ ਹਾਸਿਲ ਕਰ ਲਈ ਸੀ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਸੂਚਨਾ ਮਿਲੀ ਸੀ ਕਿ ਜਰਮਨੀ ਦੇ ਇੱਕ ਮੰਦਿਰ ਦੀ ਪ੍ਰਧਾਨਗੀ ਨੂੰ ਲੈ ਕੇ ਹਰਿਆਣਾ ਦੇ ਨੌਜਵਾਨਾਂ ਦੇ ਇੱਕ ਸਮੂਹ ਵਿਚਕਾਰ ਝਗੜਾ ਹੋ ਗਿਆ ਸੀ।
ਰਾਜਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦੋ ਦਿਨ ਡਾਕਟਰੀ ਦੇਖਭਾਲ ਅਧੀਨ ਰਿਹਾ ਅਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ। ਉੱਥੇ ਹੀ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ, ਜਰਨੈਲ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਉਨ੍ਹਾਂ ਦੇ ਜਰਮਨੀ ਜਾਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਨਿਭਾ ਸਕਣ, ਜਾਂ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਇੱਥੇ ਉਸ ਦਾ ਅੰਤਿਮ ਸੰਸਕਾਰ ਕਰ ਸਕੇ।

