ਦੁਬਈ ਤੋਂ ਆਈ ਮੰਦਭਾਗੀ ਖਬਰ, ਵੱਡੇ ਹਾਦਸੇ ‘ਚ 7 ਭਾਰਤੀ ਮਜ਼ਦੂਰਾਂ ਦੀ ਮੌਤ

Global Team
3 Min Read

ਦੁਬਈ : ਸੰਯੁਕਤ ਅਰਬ ਅਮੀਰਾਤ ਦੇ ਦੁਬਈ ਸ਼ਹਿਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਥੇ ਇੱਕ ਮਿੰਨੀ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 7 ਭਾਰਤੀ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਨੌਂ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਵਿਅਸਤ ਸੜਕ ਦੇ ਵਿਚਕਾਰ ਤਕਨੀਕੀ ਖ਼ਰਾਬੀ ਕਾਰਨ ਰੁਕੇ ਹੋਏ ਟਰੱਕ ਵਿੱਚ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਮਿੰਨੀ ਬੱਸ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਦੀ ਪੁਸ਼ਟੀ ਖ਼ੁਦ ਦੁਬਈ ਪੁਲਿਸ ਅਤੇ ਭਾਰਤੀ ਦੂਤਾਵਾਸ ਨੇ ਕੀਤੀ ਹੈ।

ਦੁਬਈ ਵਿੱਚ ਮੌਜੂਦ ਭਾਰਤੀ ਦੂਤਾਵਾਸ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, “ਦੁਬਈ ਵਿੱਚ ਹੋਏ ਇਸ ਦਰਦਨਾਕ ਸੜਕ ਹਾਦਸੇ ਨਾਲ ਸਾਨੂੰ ਗਹਿਰਾ ਦੁੱਖ ਪਹੁੰਚਿਆ ਹੈ, ਜਿਸ ਵਿੱਚ ਕਈ ਭਾਰਤੀ ਮਜ਼ਦੂਰਾਂ ਨੇ ਆਪਣੀ ਜਾਨ ਗੁਆ ਦਿੱਤੀ।” ਦੂਤਾਵਾਸ ਨੇ ਅੱਗੇ ਦੱਸਿਆ ਕਿ ਉਹ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ।

ਦੁਬਈ ਪੁਲਿਸ ਦੇ ਟ੍ਰੈਫਿਕ ਵਿਭਾਗ ਦੇ ਡਾਇਰੈਕਟਰ ਜਨਰਲ, ਬ੍ਰਿਗੇਡੀਅਰ ਜੁਮਾ ਸਾਲੇਮ ਬਿਨ ਸੁਵੈਦਾਨ ਨੇ ਹਾਦਸੇ ਦੀ ਮੁਢਲੀ ਜਾਂਚ ਦੇ ਹਵਾਲੇ ਨਾਲ ਦੱਸਿਆ ਕਿ ਇਹ ਦੁਰਘਟਨਾ ‘ਅਮੀਰਾਤ ਰੋਡ’ ‘ਤੇ ਵਾਪਰੀ। ਦਰਅਸਲ, ਇੱਕ ਵੱਡੇ ਟਰੱਕ ਵਿੱਚ ਅਚਾਨਕ ਕੋਈ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਾਰਨ ਚਾਲਕ ਨੂੰ ਉਸ ਨੂੰ ਸੜਕ ਦੇ ਵਿਚਕਾਰ ਹੀ ਰੋਕਣਾ ਪਿਆ।

ਇਸੇ ਦੌਰਾਨ ਪਿੱਛੇ ਤੋਂ ਆ ਰਹੀ ਮਜ਼ਦੂਰਾਂ ਨਾਲ ਭਰੀ ਮਿੰਨੀ ਬੱਸ ਦੇ ਡਰਾਈਵਰ ਨੇ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸੁਰੱਖਿਅਤ ਦੂਰੀ ਬਣਾ ਕੇ ਰੱਖੀ, ਜਿਸ ਕਾਰਨ ਬੱਸ ਸਿੱਧੀ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੜੀ। ਇਸ ਦੁਰਘਟਨਾ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਪੰਜ ਗੰਭੀਰ ਰੂਪ ਵਿੱਚ ਜ਼ਖ਼ਮੀ ਅਤੇ ਚਾਰ ਮਾਮੂਲੀ ਰੂਪ ਵਿੱਚ ਜ਼ਖ਼ਮੀ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment