ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

Global Team
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ। ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਗਿਆ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖਰੀ ਅਤੇ ਬੇਹੱਦ ਅਹਿਮ ਕੜੀ ਹੈ।

Share This Article
Leave a Comment