ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਅਮਰੀਕਾ ਵਿੱਚ 59 ਲੱਖ ਰੁਪਏ ਵਿੱਚ ਨਿਲਾਮ ਹੋਏ ਵਿਧਾਇਕ ਹੋਸਟਲ ਦੇ ਹੈਰੀਟੇਜ ਫਰਨੀਚਰ ਬਾਰੇ ਕਸਟਡੀ ਰਿਪੋਰਟ ਮੰਗੀ ਹੈ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।
ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਇਹ ਅਪਰਾਧ ਕੀਤਾ ਹੈ, ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਪੀਕਰ ਨੇ ਜ਼ੋਰ ਦਿੱਤਾ ਕਿ ਚੰਡੀਗੜ੍ਹ ਦੇ ਵਿਲੱਖਣ ਆਰਕੀਟੈਕਚਰ ਅਤੇ ਇਤਿਹਾਸਕ ਵਿਰਸੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਇਰਾਦਤਨ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 4 ਸਥਿਤ ਪੰਜਾਬ ਐੱਮ ਐੱਲ ਏ ਹੋਸਟਲ ਦੀਆਂ ਹੈਰੀਟੇਜ ਕੁਰਸੀਆਂ ਦੇ ਇੱਕ ਜੋੜੇ ਅਤੇ ਚਾਰ ਲੋਅ ਸਟੂਲ ਦੇ ਸੈੱਟ ਦੀ 4 ਜੂਨ ਨੂੰ ਅਮਰੀਕਾ ਦੇ ਸ਼ਿਕਾਗੋ ਵਿੱਚ 72,720 ਡਾਲਰ (59 ਲੱਖ ਰੁਪਏ ਤੋਂ ਵੱਧ) ਵਿੱਚ ਨਿਲਾਮੀ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਨਾਲ ਰਾਜ ਦੀਆਂ ਵਿਧਾਨਕ ਸੰਸਥਾਵਾਂ ਨਾਲ ਜੁੜੀਆਂ ਸੰਪਤੀਆਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਕੁਰਸੀਆਂ 42 ਲੱਖ ਰੁਪਏ ਤੋਂ ਵੱਧ ਵਿੱਚ ਵਿਕੀਆਂ, ਜਦੋਂ ਕਿ ਸਟੂਲ 17 ਲੱਖ ਰੁਪਏ ਤੋਂ ਵੱਧ ਵਿੱਚ ਵਿਕੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

