ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ ਦੀ SGPC ਪ੍ਰਧਾਨ ਵੱਲੋਂ ਸਖ਼ਤ ਨਿੰਦਾ; ਪਾਕਿ ਸਰਕਾਰ ਨੂੰ ਕੀਤੀ ਇਹ ਖਾਸ ਅਪੀਲ

Global Team
3 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ।

ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸੇ਼ੇਸ਼ ਧਿਆਨ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਦੱਸ ਦਈਏ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ ਪਖਤੂਨਖਵਾ ਸੂਬੇ ਵਿੱਚ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਦੀ ਦੇਖਭਾਲ ਕਰਨ ਵਾਲੇ ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਪੇਸ਼ਾਵਰ ਤੋਂ 60 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਮਰਦਾਨ ਦੇ ਬਾਬੂ ਮੁਹੱਲਾ ਇਲਾਕੇ ਵਿੱਚ ਵਾਪਰੀ।

ਪੁਲਿਸ ਅਧਿਕਾਰੀ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲੀਬਾਰੀ ਕੀਤੀ, ਜਿਸ ਵਿੱਚ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਆਸਮਾ ਵੰਤੀ ਦੀ ਮੌਤ ਹੋ ਗਈ। ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment