AAP ਦਾ ਦਾਅਵਾ: ‘ਵਿਵਾਦਿਤ ਵੀਡੀਓ ’ਚ CM ਮਾਨ ਨਹੀਂ, ਇਹ ਕਿਸੇ ਹੋਰ ਵਿਅਕਤੀ ਜਾਂ ਅਦਾਕਾਰ ਦੀ ਵਰਤੋਂ ਕਰਕੇ ਬਣਾਈ ਗਈ’

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਕਥਿਤ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਤਣਾਅ ਬਣਿਆ ਹੋਇਆ ਹੈ। ਇਸੇ ਮਾਮਲੇ ’ਤੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ।

ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਨੇ ਦੋ ਲੈਬ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਕਥਿਤ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਮੇਲ ਨਹੀਂ ਮਿਲਦਾ। ਪਾਰਟੀ ਮੁਤਾਬਕ ਇਨ੍ਹਾਂ ਰਿਪੋਰਟਾਂ ਵਿੱਚ ਕੁੱਲ 1191 ਵੱਖ-ਵੱਖ ਪੈਰਾਮੀਟਰਾਂ ਅਤੇ ਐਂਗਲਾਂ ਦੇ ਆਧਾਰ ’ਤੇ ਵਿਸ਼ਲੇਸ਼ਣ ਕੀਤਾ ਗਿਆ।

ਪਾਰਟੀ ਨੇ ਕਿਹਾ ਕਿ ਇਸ ਜਾਂਚ ਵਿੱਚ ਚਿਹਰੇ ਦੀ ਬਣਤਰ, ਕੱਦ-ਕਾਠੀ, ਸਰੀਰਕ ਹਾਵ-ਭਾਵ ਅਤੇ ਚਾਲ-ਢਾਲ ਸਮੇਤ ਕਈ ਪੱਖਾਂ ਦੀ ਜਾਂਚ ਕੀਤੀ ਗਈ ਹੈ। AAP ਦੇ ਮੁਤਾਬਕ ਦੋਵੇਂ ਲੈਬ ਸੁਤੰਤਰ ਤੌਰ ’ਤੇ ਕੰਮ ਕਰਦੀਆਂ ਹਨ, ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਪੰਜਾਬ ਤੋਂ ਬਾਹਰ ਸਥਿਤ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਨਾਲ ਮੇਲ ਨਹੀਂ ਖਾਂਦਾ ਅਤੇ ਇਹ ਵੀਡੀਓ ਕਿਸੇ ਹੋਰ ਵਿਅਕਤੀ ਜਾਂ ਅਦਾਕਾਰ ਦੀ ਵਰਤੋਂ ਕਰਕੇ ਬਣਾਈ ਗਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਸੀ।

ਪਾਰਟੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਸਬੰਧੀ ਉਹ ਪੰਜਾਬ ਦੇ ਡੀਜੀਪੀ ਨਾਲ ਵੀ ਮੁਲਾਕਾਤ ਕਰਨ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਗੁਰੂਆਂ ਦੀ ਤਸਵੀਰ ਸਾਹਮਣੇ ਅਪਮਾਨਜਨਕ ਹਰਕਤ ਕੀਤੀ। ਇਸ ਨਾਲ ਜੁੜੀ ਇੱਕ ਕਥਿਤ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਸੀ। ਇਸ ਮਾਮਲੇ ਦੀ ਜਾਂਚ ਹੋਣ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਆਪਣਾ ਫੈਸਲਾ ਵੀ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਪੱਧਰ ’ਤੇ ਚਰਚਾ ਜਾਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment