ਪਾਕਿਸਤਾਨ ‘ਚ ਲਗਾਤਾਰ ਦੋ ਧਮਾਕੇ, ਪਹਿਲਾਂ ਯਾਤਰੀ ਗੱਡੀ ਨੂੰ ਉਡਾਇਆ, ਫਿਰ ਜ਼ਖ਼ਮੀਆਂ ਨੂੰ ਲੈ ਕੇ ਜਾਂਦੇ ਸਮੇਂ ਦੂਜਾ ਹਮਲਾ

Global Team
3 Min Read

ਨਿਊਜ਼ ਡੈਸ਼ਕ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਹੋਏ ਦੋ ਲਗਾਤਾਰ ਧਮਾਕਿਆਂ ਨੇ ਇੱਕ ਵਾਰ ਫਿਰ ਦੇਸ਼ ਵਿੱਚ ਵਧ ਰਹੀ ਦਹਿਸ਼ਤਗਰਦੀ ਨੂੰ ਚਰਚਾ ਵਿੱਚ ਲਿਆ ਦਿੱਤਾ। ਇਸ ਘਟਨਾ ਵਿੱਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਪੁਲਿਸ ਮੁਤਾਬਕ ਇਹ ਹਮਲੇ ਰਿਮੋਟ ਕੰਟਰੋਲ ਰਾਹੀਂ ਕੀਤੇ ਗਏ।

ਜਾਣਕਾਰੀ ਅਨੁਸਾਰ ਪਹਿਲਾ ਧਮਾਕਾ ਬੰਨੂ ਦੇ ਫਾਂਗ ਮੂਸਾ ਖੇਲ ਇਲਾਕੇ ਵਿੱਚ ਹੋਇਆ। ਇੱਕ ਨਿੱਜੀ ਡੈਟਸਨ ਗੱਡੀ ਯਾਤਰੀਆਂ ਨੂੰ ਲੈ ਕੇ ਡੋਮੇਲ ਵੱਲ ਜਾ ਰਹੀ ਸੀ, ਜਦੋਂ ਰਸਤੇ ਵਿੱਚ ਉਸ ਨੂੰ ਬੰਬ ਧਮਾਕੇ ਨਾਲ ਨਿਸ਼ਾਨਾ ਬਣਾਇਆ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਤਬਾਹ ਹੋ ਗਿਆ। ਇਸ ਹਮਲੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਜਦੋਂ ਜ਼ਖ਼ਮੀਆਂ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ, ਤਾਂ ਕਰੀਬ ਇੱਕ ਕਿਲੋਮੀਟਰ ਦੂਰ ਦੂਜਾ ਧਮਾਕਾ ਹੋ ਗਿਆ। ਇਹ ਹਮਲਾ ਵੀ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਇਸ ਦੂਜੇ ਧਮਾਕੇ ਵਿੱਚ ਦੋ ਹੋਰ ਲੋਕਾਂ ਦੀ ਜਾਨ ਚਲੀ ਗਈ ਅਤੇ ਵਾਹਨ ਨੂੰ ਨੁਕਸਾਨ ਪਹੁੰਚਿਆ।

ਲਗਾਤਾਰ ਦੋ ਹਮਲਿਆਂ ਕਾਰਨ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਹਮਲਾਵਰਾਂ ਦਾ ਮਕਸਦ ਬਚਾਅ ਕਾਰਵਾਈ ਨੂੰ ਵੀ ਪ੍ਰਭਾਵਿਤ ਕਰਨਾ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਰੇਸਕਿਊ 1122 ਦੀਆਂ ਟੀਮਾਂ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਡੋਮੇਲ ਗ੍ਰਾਮੀਣ ਸਿਹਤ ਕੇਂਦਰ ਅਤੇ ਖਲੀਫਾ ਗੁਲ ਨਵਾਜ਼ ਟੀਚਿੰਗ ਹਸਪਤਾਲ ਪਹੁੰਚਾਇਆ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਨੇ ਹਮਲੇ ਦੀ ਨਿੰਦਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਨਾਲ ਹੀ ਦਹਿਸ਼ਤਗਰਦਾਂ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਵੀ ਕੀਤੀ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment