ਪੰਜਾਬ ‘ਚ ਤਿੰਨ ਦਿਨ ਰਹੇਗਾ ਬੱਸਾਂ ਦਾ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਸਫ਼ਰ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਸੂਬੇ ਭਰ ਵਿੱਚ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਅਤੇ ਯਾਤਰੀਆਂ ਨੂੰ ਦਿੱਕਤਾਂ ਆ ਸਕਦੀਆਂ ਹਨ।

ਇਸ ਸਬੰਧੀ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਵੱਲੋਂ ਲੁਧਿਆਣਾ ਵਿੱਚ ਸਟੇਟ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੇ 27 ਡਿਪੂਆਂ ਦੇ ਨੁਮਾਇੰਦੇ ਸ਼ਾਮਲ ਹੋਏ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਬਣੇ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਵਿਭਾਗ ਵਿੱਚ ਸਰਕਾਰੀ ਬੱਸਾਂ ਸ਼ਾਮਲ ਕਰਨ ਦੀ ਬਜਾਏ ਕਿਲੋਮੀਟਰ ਸਕੀਮਾਂ ਰਾਹੀਂ ਨਿੱਜੀਕਰਨ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਫ਼ਾਇਦਾ ਦੇਣ ਲਈ ਨਵੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਚਲਾ ਰਹੀ ਹੈ, ਜਦਕਿ ਸਰਕਾਰੀ ਢਾਂਚੇ ਨੂੰ ਮਜ਼ਬੂਤ ਨਹੀਂ ਕੀਤਾ ਜਾ ਰਿਹਾ।

ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਕੁਝ ਕਰਮਚਾਰੀ ਨਾਜਾਇਜ਼ ਤਰੀਕੇ ਨਾਲ ਜੇਲ੍ਹਾਂ ਵਿੱਚ ਬੰਦ ਹਨ ਅਤੇ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ‘ਤੇ ਦਬਾਅ ਬਣਾਉਣ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਹੜਤਾਲ 22 ਜੂਨ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਨੀਟ ਪ੍ਰੀਖਿਆ ਦੀ ਤਰੀਕ ਅਤੇ ਸਰਕਾਰ ਵੱਲੋਂ ਪ੍ਰੀਖਿਆਰਥੀਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦੇ ਫ਼ੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਇਸਨੂੰ ਦੋ ਦਿਨ ਲਈ ਅੱਗੇ ਕਰ ਦਿੱਤਾ ਗਿਆ।

ਹੁਣ ਯੂਨੀਅਨ ਵੱਲੋਂ 24, 25 ਅਤੇ 26 ਜੂਨ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਦੇ ਸਾਰੇ ਡਿਪੂਆਂ ਵਿੱਚ ਪ੍ਰਚਾਰ ਮੁਹਿੰਮ ਚਲਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment