ਲੁਧਿਆਣਾ: ਖੰਨਾ ਨੇੜੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਐਤਵਾਰ ਨੂੰ ਇੱਕ ਚੱਲਦੀ ਸਲੀਪਰ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਬੱਸ ਵਿੱਚ ਲਗਭਗ 80 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਲ ਸਨ। ਅੱਗ ਲੱਗਦੇ ਹੀ ਬੱਸ ਅੰਦਰ ਚੀਕ ਚਿਹਾੜਾ ਪੈ ਗਿਆ ਅਤੇ ਯਾਤਰੀ ਘਬਰਾ ਗਏ।
ਇਹ ਬੱਸ ਜਲੰਧਰ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵੱਲ ਜਾ ਰਹੀ ਸੀ। ਜਦੋਂ ਬੱਸ ਖੰਨਾ ਦੇ ਨੇੜੇ ਬਿਜਾ ਪਿੰਡ ਕੋਲ ਪਹੁੰਚੀ ਤਾਂ ਇਸ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਸਥਿਤੀ ਨੂੰ ਦੇਖਦੇ ਹੋਏ ਡਰਾਈਵਰ ਨੇ ਤੁਰੰਤ ਬੱਸ ਨੂੰ ਸੜਕ ਦੇ ਕਿਨਾਰੇ ਲਾ ਦਿੱਤਾ। ਇਸ ਤੋਂ ਬਾਅਦ ਕੰਡਕਟਰ ਨੇ ਤੇਜ਼ੀ ਨਾਲ ਸਾਰੇ ਯਾਤਰੀਆਂ ਨੂੰ ਬੱਸ ਤੋਂ ਬਾਹਰ ਕੱਢਣਾ ਸ਼ੁਰੂ ਕੀਤਾ। ਸਮੇਂ ਸਿਰ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਇੱਕ ਵੱਡਾ ਹਾਦਸਾ ਟਲ ਗਿਆ।
ਅੱਗ ਲੱਗਣ ਨਾਲ ਯਾਤਰੀਆਂ ਵਿੱਚ ਚੀਕ ਚਿਹਾੜਾ ਮਚ ਗਿਆ। ਕਈ ਲੋਕ ਜਲਦੀ ਵਿੱਚ ਬੱਸ ਤੋਂ ਹੇਠਾਂ ਉਤਰੇ। ਇਸ ਦੌਰਾਨ ਕੁਝ ਯਾਤਰੀਆਂ ਨੂੰ ਹਲਕੀਆਂ ਸੱਟਾਂ ਵੀ ਲੱਗੀਆਂ ਅਤੇ ਕੁਝ ਲੋਕ ਥੋੜ੍ਹੇ ਝੁਲਸ ਗਏ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਮੁੱਢਲਾ ਇਲਾਜ ਦਿੱਤਾ ਗਿਆ।
ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਯਾਤਰੀ ਆਪਣਾ ਸਮਾਨ ਵੀ ਬਾਹਰ ਨਹੀਂ ਕੱਢ ਸਕੇ। ਸਾਰਾ ਸਮਾਨ ਅੱਗ ਵਿੱਚ ਸੜ ਕੇ ਖ਼ਤਮ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਖੰਨਾ ਦੀ ਐਸਡੀਐਮ ਸਵਾਤੀ ਤਿਵਾਨਾ ਨੇ ਵੀ ਮੌਕੇ ਦਾ ਦੌਰਾ ਕਰਕੇ ਰਾਹਤ ਅਤੇ ਬਚਾਅ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਤੁਰੰਤ ਮੌਕੇ ‘ਤੇ ਪਹੁੰਚ ਗਿਆ ਸੀ। ਸਾਰੇ ਯਾਤਰੀ ਸੁਰੱਖਿਅਤ ਹਨ ਪਰ ਬੱਸ ਪੂਰੀ ਤਰ੍ਹਾਂ ਸੜ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਦਾ ਕਾਰਨ ਸ਼ਾਰਟ ਸਰਕਿਟ ਹੋ ਸਕਦਾ ਹੈ। ਫਿਲਹਾਲ ਯਾਤਰੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਕਿ ਉਹ ਕਿੱਥੋਂ ਸਵਾਰ ਹੋਏ ਸਨ ਅਤੇ ਕਿੱਥੇ ਜਾ ਰਹੇ ਸਨ।
ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਯਾਤਰੀਆਂ ਨੂੰ ਲੋੜੀਂਦੀ ਮਦਦ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਦੇ ਇੰਤਜ਼ਾਮ ਕੀਤੇ ਗਏ। ਉੱਥੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

