ਸਰਕਾਰ ਦਾ ਕੋਚਿੰਗ ਸੈਂਟਰਾਂ ਲਈ ਸਖ਼ਤ ਹੁਕਮ, ਗਿਣਤੀ 900 ਹੋਵੇ ਜਾਂ 1000 ਸਾਰੇ ਹੋਣਗੇ ਬੰਦ! ਇੱਕ ਮਹੀਨੇ ਦਾ ਅਲਟੀਮੇਟਮ

Global Team
3 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਪੜ੍ਹ ਰਹੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਸਰਕਾਰ ਨੇ ਕੋਚਿੰਗ ਸੰਸਥਾਵਾਂ ਲਈ ਸਖ਼ਤ ਰੁਖ ਅਪਣਾਇਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦਿੱਲੀ ਦੇ ਸਾਰੇ ਕੋਚਿੰਗ ਸੈਂਟਰਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

ਸੁਰੱਖਿਆ ਨਾਲ ਸਮਝੌਤਾ ਨਹੀਂ

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਦਿੱਲੀ ਵਿੱਚ ਕੋਚਿੰਗ ਸੈਂਟਰਾਂ ਦੀ ਗਿਣਤੀ 900 ਹੋਵੇ ਜਾਂ 1000, ਸਰਕਾਰ ਲਈ ਸਭ ਤੋਂ ਮਹੱਤਵਪੂਰਨ ਗੱਲ ਵਿਦਿਆਰਥੀਆਂ ਦੀ ਸੁਰੱਖਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਕੋਚਿੰਗ ਸੰਸਥਾਵਾਂ ਕੋਲ ਫਾਇਰ ਆਡਿਟ ਨਹੀਂ ਹੈ, ਜਿੱਥੇ ਜ਼ਰੂਰੀ ਸੁਰੱਖਿਆ ਉਪਕਰਣ ਮੌਜੂਦ ਨਹੀਂ ਹਨ ਜਾਂ ਜਿਨ੍ਹਾਂ ਇਮਾਰਤਾਂ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਹਨ, ਉਹਨਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪਈ ਤਾਂ ਉਨ੍ਹਾਂ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ।

ਹਾਈਕੋਰਟ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਬਣੇਗਾ ਕਾਨੂੰਨ

ਮੁੱਖ ਮੰਤਰੀ ਰੇਖਾ ਗੁਪਤਾ ਨੇ ਇਹ ਵੀ ਐਲਾਨ ਕੀਤਾ ਕਿ ਦਿੱਲੀ ਹਾਈਕੋਰਟ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਕੋਚਿੰਗ ਸੰਸਥਾਵਾਂ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।

ਵਿਦਿਆਰਥੀਆਂ ਨੂੰ ਵੀ ਕੀਤਾ ਅਪੀਲ

ਸਰਕਾਰ ਨੇ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਵਿਦਿਆਰਥੀ ਨੂੰ ਲੱਗਦਾ ਹੈ ਕਿ ਉਸ ਦਾ ਕੋਚਿੰਗ ਸੈਂਟਰ ਸੁਰੱਖਿਅਤ ਨਹੀਂ ਹੈ, ਤਾਂ ਉਹ ਸੰਦੇਸ਼, ਈਮੇਲ ਜਾਂ ਫੋਨ ਕਾਲ ਰਾਹੀਂ ਸਿੱਧੇ ਸਰਕਾਰ ਤੱਕ ਜਾਣਕਾਰੀ ਪਹੁੰਚਾ ਸਕਦਾ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਵੱਲੋਂ ਮਿਲਣ ਵਾਲੀ ਹਰ ਜਾਣਕਾਰੀ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਦਿੱਲੀ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਲਖਨਊ ਅੱਗਨੀ ਕਾਂਡ ਤੋਂ ਬਾਅਦ ਵਧੀ ਚਿੰਤਾ

ਇਹ ਸਖ਼ਤ ਰੁਖ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਇੱਕ ਵਪਾਰਕ ਇਮਾਰਤ ਵਿੱਚ ਲੱਗੀ ਅੱਗ ਦੀ ਘਟਨਾ ਨੇ ਦੇਸ਼ ਭਰ ਵਿੱਚ ਕੋਚਿੰਗ ਸੰਸਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਸੀ। ਇਸ ਘਟਨਾ ਵਿੱਚ 15 ਨੌਜਵਾਨਾਂ ਦੀ ਜਾਨ ਗਈ ਅਤੇ ਇਸ ਤੋਂ ਬਾਅਦ ਸਿੱਖਿਆ ਸੰਸਥਾਵਾਂ ਵਿੱਚ ਫਾਇਰ ਸੇਫਟੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ। ਇਸੇ ਪਿਛੋਕੜ ਵਿੱਚ ਦਿੱਲੀ ਸਰਕਾਰ ਨੇ ਵੀ ਕੋਚਿੰਗ ਸੈਂਟਰਾਂ ਲਈ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਗੱਲ ਕਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment