ਅੰਮ੍ਰਿਤਸਰ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਕੁੱਲ 13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ।
In a major breakthrough, Counter Intelligence Amritsar busts two narcotics smuggling networks, apprehends three accused, and recovers 13 Kg of Heroin in two separate operations.
The accused were involved in picking up heroin consignments from different locations and supplying… pic.twitter.com/PJ2qhLdAi2
— DGP Punjab Police (@DGPPunjabPolice) July 6, 2026
ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਿਤ ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।
ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।
ਪੁਲਿਸ ਵੱਲੋਂ ਜਨਤਾ ਨੂੰ ਸਖ਼ਤ ਸੁਨੇਹਾ ਅਤੇ ਅਪੀਲ
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਹਾਲਤ ਵਿੱਚ ਨਸ਼ਿਆਂ ਦੇ ਵਪਾਰ ਨੂੰ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਇਸ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਨੇ ਜਨਤਾ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦੀ ਤਸਕਰੀ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।

