ਚੰਡੀਗੜ੍ਹ : ਚੰਡੀਗੜ੍ਹ ਦੀ CBI ਅਦਾਲਤ ਨੇ ਅੱਜ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਪਿਛਲੇ ਸਾਲ ਦਰਜ ਹੋਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਦੋਸ਼ ਤੈਅ ਕੀਤੇ ਹਨ। ਇਸ ਮਾਮਲੇ ਵਿੱਚ FIR ਆਕਾਸ਼ ਬੱਟਾ ਨਾਮ ਦੇ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਭੁੱਲਰ, ਜੋ ਉਸ ਸਮੇਂ ਪੰਜਾਬ ਪੁਲਿਸ ਵਿੱਚ ਰੋਪੜ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਸੀ, ਨੇ ਥਾਣਾ ਸਰਹਿੰਦ ਵਿੱਚ ਦਰਜ ਇੱਕ ਐਫਆਈਆਰ ਵਿੱਚ ਪੱਖ ਪੂਰਨ ਅਤੇ ਸ਼ਿਕਾਇਤਕਰਤਾ ਦੇ ਕਾਰੋਬਾਰ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਹੋਣ ਦੇਣ ਦੇ ਬਦਲੇ ਆਪਣੇ ਇੱਕ ਨਿੱਜੀ ਵਿਚੋਲੇ (ਸਾਥੀ) ਕ੍ਰਿਸ਼ਾਨੂੰ ਸ਼ਾਰਦਾ ਰਾਹੀਂ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ।
ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਨਕਾਰੀਆਂ; 23 ਜੁਲਾਈ ਤੋਂ ਸ਼ੁਰੂ ਹੋਵੇਗਾ ਟਰਾਇਲ
ਅਦਾਲਤ ਵਿੱਚ ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਸੀਬੀਆਈ ਕੋਲ ਇਹ ਕੇਸ ਦਰਜ ਕਰਨ ਦਾ ਅਧਿਕਾਰ ਨਹੀਂ ਹੈ, ਜਦਕਿ ਦੂਜੇ ਪਾਸੇ ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਦੋਸ਼ ਤੈਅ ਕਰਨ ਦੇ ਪੱਖ ਵਿੱਚ ਜ਼ੋਰਦਾਰ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਸੀਬੀਆਈ ਦੇ ਵਿਸ਼ੇਸ਼ ਜੱਜ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ। ਇਹ ਦੋਸ਼ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 61 (2) ਅਤੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀਆਂ ਧਾਰਾਵਾਂ 7 ਅਤੇ 12 ਤਹਿਤ ਸਜ਼ਾਯੋਗ ਅਪਰਾਧਾਂ ਲਈ ਤੈਅ ਕੀਤੇ ਗਏ ਹਨ। ਇਸ ਮਾਮਲੇ ਦਾ ਟਰਾਇਲ (ਅਦਾਲਤੀ ਕਾਰਵਾਈ) 23 ਜੁਲਾਈ, 2026 ਤੋਂ ਸ਼ੁਰੂ ਹੋਵੇਗਾ।

