ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Global Team
3 Min Read

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਤਿੱਖੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਉਸ ਸਮੇਂ ਇੱਕ ਹੋਰ ਵੱਡੀ ਸਫਲਤਾ ਮਿਲੀ, ਜਦੋਂ ਵਿਜੀਲੈਂਸ ਦੀ ਟੀਮ ਨੇ ਜ਼ਿਲ੍ਹਾ ਲੁਧਿਆਣਾ ਦੇ ਅਧੀਨ ਆਉਂਦੇ ਸਬ-ਰਜਿਸਟਰਾਰ ਦਫ਼ਤਰ ਮਲੌਦ ਦੇ ਮਾਲ ਹਲਕਾ ਧੌਲ ਖੁਰਦ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

 ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ।ਇਸ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸ਼ਿਕਾਇਤਕਰਤਾ ਨੇ ਸਰਕਾਰੀ ਨਿਯਮਾਂ ਅਨੁਸਾਰ ਲੋੜੀਂਦੇ ਸਾਰੇ ਦਸਤਾਵੇਜ਼ ਅਤੇ ਕਾਗਜ਼ਾਤ ਤਿਆਰ ਕੀਤੇ ਅਤੇ ਹਲਕਾ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਮੁਲਜ਼ਮ ਪਟਵਾਰੀ ਨੇ ਦਸਤਾਵੇਜ਼ ਤਾਂ ਆਪਣੇ ਕੋਲ ਰੱਖ ਲਏ, ਪਰ ਜਗ੍ਹਾ ਦਾ ਇੰਤਕਾਲ ਦਰਜ ਕਰਨ ਅਤੇ ਉਸ ਨੂੰ ਅੱਗੇ ਮਨਜ਼ੂਰ ਕਰਵਾਉਣ ਦੇ ਬਦਲੇ ਸ਼ਿਕਾਇਤਕਰਤਾ ਤੋਂ ਸਿੱਧੀ 5,000 ਰੁਪਏ ਰਿਸ਼ਵਤ ਦੀ ਮੰਗ ਕਰ ਦਿੱਤੀ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਅੱਗੇ ਆਪਣੀ ਮਜਬੂਰੀ ਦਾ ਹਵਾਲਾ ਦਿੱਤਾ ਅਤੇ ਵਾਰ-ਵਾਰ ਬੇਨਤੀ ਕੀਤੀ, ਤਾਂ ਮੁਲਜ਼ਮ ਪਟਵਾਰੀ ਇੰਤਕਾਲ ਕਰਨ ਲਈ 3,500 ਰੁਪਏ ਰਿਸ਼ਵਤ ਲੈਣ ‘ਤੇ ਸਹਿਮਤ ਹੋ ਗਿਆ ਅਤੇ ਦੋਵਾਂ ਵਿਚਕਾਰ ਸੌਦਾ ਤੈਅ ਹੋ ਗਿਆ। ਹਾਲਾਂਕਿ, ਸ਼ਿਕਾਇਤਕਰਤਾ ਨੇ ਸਿਆਣਪ ਵਰਤਦਿਆਂ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਅਤੇ ਸੌਦਾ ਤੈਅ ਕਰਨ ਦੀ ਪੂਰੀ ਗੱਲਬਾਤ ਨੂੰ ਆਪਣੇ ਮੋਬਾਈਲ ਫੋਨ ਵਿੱਚ ਰਿਕਾਰਡ ਕਰ ਲਿਆ ਸੀ।ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment