Land Pooling Policy: ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਮਿਲੇਗਾ ਟਿਊਬਵੈੱਲ ਕੁਨੈਕਸ਼ਨ

Global Team
3 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਵਾਅਦਾ ਕੀਤਾ ਹੈ। ਪਹਿਲੀ ਜੁਲਾਈ 2026 ਨੂੰ ਪੰਜਾਬ ਕੈਬਨਿਟ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਜਿਸ ਦਾ ਹੁਣ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਹੈ। ਇਸ ਨੋਟੀਫ਼ਿਕੇਸ਼ਨ ਅਨੁਸਾਰ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਹੋਵੇਗੀ, ਉਨ੍ਹਾਂ ਕਿਸਾਨਾਂ ਨੂੰ ਤਰਜੀਹੀ ਅਧਾਰ ’ਤੇ ਟਿਊਬਵੈੱਲ ਕੁਨੈਕਸ਼ਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਲਈ ਇਹ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਕਿ ਜਿਵੇਂ ਹੀ ਕਿਸਾਨ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਹੋਈ ਜ਼ਮੀਨ ਬਾਰੇ ਭੌਂ ਪ੍ਰਾਪਤੀ ਕਲੈਕਟਰ ਵੱਲੋਂ ਜਾਰੀ ਸਰਟੀਫਿਕੇਟ ਪਾਵਰਕੌਮ ਕੋਲ ਅਰਜ਼ੀ ਨਾਲ ਦੇਵੇਗਾ ਤਾਂ ਉਸ ਨੂੰ ਤੁਰੰਤ ਤੇ ਪਹਿਲ ਦੇ ਅਧਾਰ ਤੇ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤਾ ਜਾਵੇ।ਇਹ ਕੁਨੈਕਸ਼ਨ ਲੈਣ ਦੀ ਮਿਆਦ ਵੀ ਚਾਰ ਸਾਲ ਤੱਕ ਦੀ ਰਹੇਗੀ। ਪੰਜਾਬ ’ਚ ਸਾਲ 2017-18 ਤੋਂ ਨਵੇਂ ਖੇਤੀ ਮੋਟਰਾਂ ’ਤੇ ਪਾਬੰਦੀ ਲੱਗੀ ਹੋਈ ਹੈ।

ਪੰਜਾਬ ’ਚ ਕੁਨੈਕਸ਼ਨ ਲੈਣ ਦੇ ਚਾਹਵਾਨ ਕਿਸਾਨਾਂ ਲਈ ਨਵਾਂ ਖੇਤੀ ਮੋਟਰ ਕੁਨੈਕਸ਼ਨ ਲੈਣਾ ਵੱਡੀ ਸਮੱਸਿਆ ਹੈ। ਜਦੋਂ ਹੁਣ ਪੰਜਾਬ ਸਰਕਾਰ ਨਹਿਰੀ ਪਾਣੀ ਦੀ ਵਰਤੋਂ ਨੂੰ ਹੁਲਾਰਾ ਦੇ ਰਹੀ ਹੈ ਤਾਂ ਠੀਕ ਉਸ ਸਮੇਂ ਹੀ ਨਵੇਂ ਖੇਤੀ ਕੁਨੈਕਸ਼ਨਾਂ ਦਾ ਰਾਹ ਵੀ ਖੋਲ੍ਹ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਨੂੰ ਹੋਰ ਲਾਭਾਂ ਦੇ ਨਾਲ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਵੇਲੇ ਟਿਊਬਵੈੱਲ ਕੁਨੈਕਸ਼ਨ ਕਿਸਾਨਾਂ ਦੀ ਵੱਡੀ ਲੋੜ ਬਣੀ ਹੋਈ ਹੈ।

ਕੌਮੀ ਗਰੀਨ ਟ੍ਰਿਬਿਊਨਲ ਨੇ ਲਗਾਈ ਹੈ ਪਾਬੰਦੀ

ਪੰਜਾਬ ਚ ਆਖ਼ਰੀ ਸਮੇਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਤਤਕਾਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਕਰੀਬ 32 ਹਜ਼ਾਰ ਟਿਊਬਵੈੱਲ ਕੁਨੈਕਸ਼ਨ ਚੇਅਰਮੈਨੀ ਕੋਟੇ ਵਾਲੇ ਵੰਡੇ ਸਨ ਤਾਂ ਜੋ ਕਿਸਾਨਾਂ ਦੀਆਂ ਵੋਟਾਂ ਲਈਆਂ ਜਾ ਸਕਣ। ਉਸ ਮਗਰੋਂ ਬਣੀ ਕਾਂਗਰਸ ਸਰਕਾਰ ਨੇ ਇਨ੍ਹਾਂ 32 ਹਜ਼ਾਰ ਕੁਨੈਕਸ਼ਨਾਂ ਚੋਂ ਸਿਰਫ਼ 7 ਹਜ਼ਾਰ ਕੁਨੈਕਸ਼ਨਾਂ ਨੂੰ ਹੀ ਪ੍ਰਵਾਨਗੀ ਦਿੱਤੀ ਸੀ ਕਿਉਂਕਿ ਬਾਕੀ 25 ਹਜ਼ਾਰ ਕੁਨੈਕਸ਼ਨਾਂ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਭਰੀ ਗਈ ਸੀ।

ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਨਵੇਂ ਖੇਤੀ ਟਿਊਬਵੈੱਲਾਂ ਤੇ ਪਾਬੰਦੀ ਲਗਾਈ ਹੋਈ ਹੈ। ਹੁਣ ਸੂਬਾ ਸਰਕਾਰ ਨੇ ਨਵਾਂ ਪੈਂਤੜਾ ਲਿਆ ਹੈ ਤਾਂ ਜੋ ਲੈਂਡ ਪੂਲਿੰਗ ਨੀਤੀ ਨੂੰ ਅਪਣਾਉਣ ਲਈ ਕਿਸਾਨ ਤਰਜੀਹ ਦੇਣ। ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਹੋਰਨਾਂ ਵਪਾਰਿਕ ਲਾਭਾਂ ਤੋਂ ਇਲਾਵਾ ਸਟੈਂਪ ਡਿਊਟੀ ਤੋਂ ਵੀ ਛੋਟ ਦਿੱਤੀ ਜਾਵੇਗੀ। ਜੇਕਰ ਕਿਸਾਨ ਜ਼ਮੀਨ ਐਕੁਆਇਰ ਹੋਣ ਮਗਰੋਂ ਪੰਜਾਬ ਚ ਕਿਤੇ ਹੋਰ ਨਵੀਂ ਜ਼ਮੀਨ ਖ਼ਰੀਦ ਕਰਦਾ ਹੈ ਤਾਂ ਉਸ ਨੂੰ ਨਵੀਂ ਜ਼ਮੀਨ ਖ਼ਰੀਦਣ ਲਈ ਸਟੈਂਪ ਡਿਊਟੀ ਨਹੀਂ ਦੇਣੀ ਪਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment