ਹਰਿਆਣਾ: ਝੱਜਰ ‘ਚ ਸਹਿਵਾਗ ਸਕੂਲ ਨੇੜੇ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਦੇ ਮਾਮਲੇ ਵਿੱਚ ਪੁਲਿਸ ਨੇ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਵਾਰਦਾਤ ਦੇ ਮਹਿਜ਼ 48 ਘੰਟਿਆਂ ਦੇ ਅੰਦਰ ਮਾਮਲੇ ਦਾ ਖੁਲਾਸਾ ਕਰਨ ਤੋਂ ਬਾਅਦ ਹੁਣ ਸਪੈਸ਼ਲ ਸਟਾਫ਼ ਨੇ ਤੀਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਫੜੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਦੱਸ ਦੇਈਏ ਕਿ ਬੀਤੀ 5 ਜੁਲਾਈ ਨੂੰ ਸਹਿਵਾਗ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਕਾਮਿਲ ਅਤੇ ਇਰਸ਼ਾਦ ਦਾ ਕਤਲ ਕਰਕੇ ਲਾਸ਼ਾਂ ਸੁੱਟ ਦਿੱਤੀਆਂ ਗਈਆਂ ਸਨ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅਤੇ ਹੁਣ ਤੀਜੇ ਮੁਲਜ਼ਮ ਦੇ ਮੇਰਠ ਤੋਂ ਫੜੇ ਜਾਣ ਤੋਂ ਬਾਅਦ ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਕਈ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਕਤਲ ਦੀ ਸਾਜ਼ਿਸ਼ ਕਿਸਨੇ ਰਚੀ, ਵਾਰਦਾਤ ਦੀ ਪਲੈਨਿੰਗ ਕਿਵੇਂ ਹੋਈ, ਘਟਨਾ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਵਾਰਦਾਤ ਤੋਂ ਬਾਅਦ ਮੁਲਜ਼ਮ ਕਿੱਥੇ-ਕਿੱਥੇ ਲੁਕੇ ਰਹੇ। ਇਸ ਤੋਂ ਇਲਾਵਾ ਘਟਨਾ ਵਿੱਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਰਿਮਾਂਡ ਦਾ ਮੁੱਖ ਉਦੇਸ਼ ਰਹੇਗੀ। ਪੁਲਿਸ ਕਮਿਸ਼ਨਰ ਡਾ. ਰਾਜਸ਼੍ਰੀ ਸਿੰਘ ਦੀ ਅਗਵਾਈ ਵਿੱਚ ਸਪੈਸ਼ਲ ਸਟਾਫ਼ ਲਗਾਤਾਰ ਇਸ ਹਾਈ-ਪ੍ਰੋਫਾਈਲ ਕੇਸ ਦੀਆਂ ਕੜੀਆਂ ਜੋੜਨ ਵਿੱਚ ਜੁਟਿਆ ਹੋਇਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਸ ਦੋਹਰੇ ਕਤਲ ਕਾਂਡ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਮਾਮਲੇ ਵਿੱਚ ਹੋਰਨਾਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਪੂਰੀ ਸਾਜ਼ਿਸ਼ ਦਾ ਖੁਲਾਸਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

