ਚੰਡੀਗੜ੍ਹ: ਪੰਜਾਬ ਵਿੱਚ ਬੱਚਾ ਗੋਦ (ਅਡਾਪਟ) ਲੈਣ ਦੀ ਤਿਆਰੀ ਕਰ ਰਹੇ ਜੋੜਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਅਤੇ ਪਾਰਦਰਸ਼ੀ ਬਣਾ ਦਿੱਤਾ ਹੈ। ਹੁਣ ਲੋਕਾਂ ਨੂੰ ਇਸ ਲਈ ਭਟਕਣਾ ਨਹੀਂ ਪਵੇਗਾ, ਕਿਉਂਕਿ ਸਰਕਾਰ ਨੇ ਜ਼ਿਲ੍ਹਾ ਪੱਧਰ ‘ਤੇ ਅਡਾਪਸ਼ਨ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਹਨ।
ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਾਨੂੰਨੀ ਪ੍ਰਕਿਰਿਆ ਨੂੰ ਸਰਲ ਬਣਾਕੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਮਾਪਿਆਂ ਦਾ ਪਿਆਰ ਦਿਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਜਾਂ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਗੋਦ ਲਿਆ ਗਿਆ ਹੈ।
ਹੁਣ ਕੰਮ ਕਰ ਰਹੀਆਂ 26 ਏਜੰਸੀਆਂ
ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ, ਰਾਜ ਵਿੱਚ ਗੋਦ ਲੈਣ ਵਾਲੀਆਂ ਸਿਰਫ 10 ਏਜੰਸੀਆਂ ਕੰਮ ਕਰ ਰਹੀਆਂ ਸਨ, ਜਿਸ ਕਾਰਨ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਸੀ ਅਤੇ ਜੋੜਿਆਂ ਲਈ ਮੁਸ਼ਕਲਾਂ ਪੈਦਾ ਹੁੰਦੀਆਂ ਸਨ। ਸਰਕਾਰ ਨੇ ਹੁਣ 16 ਨਵੀਆਂ ਗੋਦ ਲੈਣ ਵਾਲੀਆਂ ਏਜੰਸੀਆਂ ਸ਼ੁਰੂ ਕੀਤੀਆਂ ਹਨ। ਇਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਮਾਪਿਆਂ ਦੇ ਪਿਆਰ ਤੋਂ ਵਾਂਝਾ ਨਾ ਰਹੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਰਾਜ ਵਿੱਚ ਬੱਚਿਆਂ ਦੀ ਭੀਖ ਮੰਗਣ ਤੋਂ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦੌਰਾਨ, ਬਹੁਤ ਸਾਰੇ ਬੱਚਿਆਂ ਨੂੰ ਬਚਾਇਆ ਗਿਆ ਸੀ। ਹਾਲਾਂਕਿ, ਇਹ ਚਿੰਤਾ ਦਾ ਵਿਸ਼ਾ ਸੀ ਕਿ ਬਹੁਤ ਸਾਰੇ ਬੱਚਿਆਂ ਦੇ ਮਾਪੇ ਜਾਂ ਰਿਸ਼ਤੇਦਾਰ ਉਨ੍ਹਾਂ ਨੂੰ ਵਾਪਸ ਲੈਣ ਨਹੀਂ ਆਏ।
ਜਿਵੇਂ-ਜਿਵੇਂ ਇਹ ਬੱਚੇ ਵੱਡੇ ਹੁੰਦੇ ਗਏ, ਉਨ੍ਹਾਂ ਦੇ ਭਵਿੱਖ ਤੇ ਸਵਾਲੀਆ ਹੁੰਦਾ ਜਾ ਰਿਹਾ ਸੀ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਇਨ੍ਹਾਂ ਬੱਚਿਆਂ ਨੂੰ “ਲੀਗਲ ਫ੍ਰੀ ਅਡਾਪਸ਼ਨ” ਸ਼੍ਰੇਣੀ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਕਦਮ ਨਾਲ ਮੰਨਿਆ ਜਾ ਰਿਹਾ ਹੈ ਕਿ ਅਨਾਥ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਕਪਲਸ ਨੂੰ ਵੀ ਫਾਇਦਾ ਹੋਵੇਗਾ, ਜਿਹੜੇ ਬੱਚੇ ਲਈ ਤਰਸ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

