ਪੰਜਾਬ-ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੂਰੀ ਇਮਾਰਤ ਕਰਵਾਈ ਖਾਲੀ

Global Team
2 Min Read

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਕੰਟਰੋਲ ਰੂਮ ਵਿੱਚ ਫ਼ੋਨ ਕਰਕੇ ਇਹ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੂਰੇ ਕੰਪਲੈਕਸ ਵਿੱਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਸਾਵਧਾਨੀ ਦੇ ਤੌਰ ‘ਤੇ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੂਰੇ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਸਕੱਤਰੇਤ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵੀ ਨਿਗਰਾਨੀ ਤੇਜ਼ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਆਪਣੇ ਵਿਸ਼ੇਸ਼ ਜਹਾਜ਼ ਰਾਹੀਂ ਇੱਕ ਵਜੇ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚਣਗੇ। ਉੱਥੇ ਏਅਰਫੋਰਸ ਏਰੀਆ ਵਿੱਚ ਉਨ੍ਹਾਂ ਦਾ ਜਹਾਜ਼ ਲੈਂਡ ਕਰੇਗਾ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਰਾਜਿੰਦਰਾ ਪਾਰਕ ਪਹੁੰਚਣਗੇ। ਉੱਥੋਂ ਸਿੱਧੇ ਸਮਾਗਮ ਵਾਲੀ ਥਾਂ ਪੰਜਾਬ ਇੰਜੀਨੀਅਰਿੰਗ ਕਾਲਜ (PEC) ਪਹੁੰਚਣਗੇ।

ਇਸ ਇਲਾਕੇ ਨੂੰ ਹਾਈ ਸਕਿਊਰਿਟੀ ਜ਼ੋਨ ਵਿੱਚ ਰੱਖਿਆ ਗਿਆ ਹੈ। ਸਮਾਗਮ ਵਾਲੀ ਥਾਂ ਦੇ ਅੰਦਰ ਪਾਣੀ ਦੀ ਬੋਤਲ ਸਮੇਤ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਐਂਟਰੀ ਤੋਂ ਪਹਿਲਾਂ ਹਰ ਵਿਅਕਤੀ ਦੀ ਚੈਕਿੰਗ ਹੋਵੇਗੀ। ਇਸ ਦੇ ਨਾਲ ਹੀ, ਉਸ ਇਲਾਕੇ ਦੀਆਂ ਇਮਾਰਤਾਂ ‘ਤੇ ਸਨਾਈਪਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਬਾਅਦ ਉਹ ਇੱਕੋ ਥਾਂ ਤੋਂ ਦਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment