ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। CM ਮਾਨ ਨੇ ਕਿਹਾ ਕਿ ਹਵਾਰਾ ਦੀ ਮਾਤਾ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਉਹ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ। ਇਸੇ ਮਨੁੱਖੀ ਆਧਾਰ ’ਤੇ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ।
10 ਦਿਨਾਂ ਦੀ ਪੈਰੋਲ ਦੀ ਮੰਗ
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਮੰਗੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਯੂਟੀ ਨਾਲ ਸਬੰਧਤ ਹੋਣ ਕਾਰਨ ਅਗਲੀ ਪ੍ਰਕਿਰਿਆ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਭੂਮਿਕਾ ਹੋਵੇਗੀ। ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ।
CM ਮਾਨ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਹੁੜਦੰਗਬਾਜ਼ੀ ਜਾਂ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੈਰੋਲ ਦੀ ਮੰਗ ਕਰ ਰਹੀਆਂ ਜਥੇਬੰਦੀਆਂ ਵੱਲੋਂ ਵੀ ਭਰੋਸਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮੁਤਾਬਕ ਰਾਜਪਾਲ ਨੇ ਕੇਂਦਰ ਸਰਕਾਰ ਨਾਲ ਸੰਪਰਕ ਕਰਕੇ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ।
ਪੈਰੋਲ ਲਈ ਹੁਣ ਅਗਲੀ ਪ੍ਰਕਿਰਿਆ ਕੀ ਹੋਵੇਗੀ?
ਮਾਹਰਾਂ ਮੁਤਾਬਕ ਹਵਾਰਾ ਦੀ ਪੈਰੋਲ ਲਈ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਐਨਓਸੀ ਦੀ ਪ੍ਰਕਿਰਿਆ ਮਹੱਤਵਪੂਰਨ ਹੈ। ਇਸ ਤੋਂ ਬਾਅਦ ਰਾਜਪਾਲ ਦੀ ਮਨਜ਼ੂਰੀ ਅਤੇ ਫਿਰ ਕੇਂਦਰ ਸਰਕਾਰ ਵੱਲੋਂ ਅੰਤਿਮ ਫ਼ੈਸਲਾ ਕੀਤਾ ਜਾਣਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਪੰਥਕ ਵੋਟ ਬੈਂਕ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।
ਬੇਅੰਤ ਸਿੰਘ ਕਤਲਕਾਂਡ ਵਿੱਚ ਹਵਾਰਾ ਦੀ ਭੂਮਿਕਾ
ਜਗਤਾਰ ਸਿੰਘ ਹਵਾਰਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਹਵਾਰਾ ਪਿੰਡ ਨਾਲ ਸਬੰਧਤ ਹੈ। 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਲੋਕਾਂ ਦੀ ਮੌਤ ਹੋਈ ਸੀ। ਜਾਂਚ ਦੌਰਾਨ ਹਵਾਰਾ ਸਮੇਤ ਕਈ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ।
ਵਿਸ਼ੇਸ਼ ਅਦਾਲਤ ਨੇ 2007 ਵਿੱਚ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਹਵਾਰਾ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਦੱਸਿਆ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਨੇ UAPA ਤਹਿਤ ਅੱਤਵਾਦੀ ਸੰਗਠਨ ਐਲਾਨਿਆ ਹੋਇਆ ਹੈ।

