ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ‘ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Global Team
3 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।

ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”

ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”

ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

Share This Article
Leave a Comment