ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਹਾਲਾਤ ਤਣਾਅਪੂਰਨ, ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੀ ਵਰਤੋਂ

Global Team
3 Min Read

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਨੇ ਚੰਡੀਗੜ੍ਹ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਹਨ। ਹਾਲਾਂਕਿ ਹਾਲੇ ਇਹ ਤੈਅ ਨਹੀਂ ਹੈ ਕਿ ਉਹ ਚੰਡੀਗੜ੍ਹ ਕਿਹੜੇ ਰਸਤੇ ਤੋਂ ਅੱਗੇ ਜਾਣਗੇ। ਇਹ ਪਤਾ ਲੱਗਿਆ ਹੈ ਕਿ ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।

ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ,।

ਪ੍ਰਦਰਸ਼ਨ ਦੌਰਾਨ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਅਥਰੂ ਗੈਸ ਦੀ ਵਰਤੋਂ ਵੀ ਕੀਤੀ। ਸੁਰੱਖਿਆ ਪ੍ਰਬੰਧਾਂ ਤਹਿਤ ਚੰਡੀਗੜ੍ਹ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 1000 ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਆਵਾਜਾਈ ਪ੍ਰਭਾਵਿਤ
ਪੁਲਿਸ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਕੁਝ ਸੜਕਾਂ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ ਹੈ, ਪਰ ਵੱਡੀਆਂ ਰੋਕਾਂ ਕਾਰਨ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਜ਼ਿਕਰਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਤਹਿਤ ਮੋਰਚੇ ਵੱਲੋਂ 15 ਅਗਸਤ ਨੂੰ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment