ਚੰਡੀਗੜ੍ਹ: ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ, ਜਦਕਿ ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਲਈ ਮੀਂਹ ਸਬੰਧੀ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ।
ਚੰਡੀਗੜ੍ਹ ਵਿੱਚ ਵੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ ’ਚ 0.4 ਡਿਗਰੀ ਦੀ ਗਿਰਾਵਟ
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ 35.7 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੌਰਾਨ ਰੂਪਨਗਰ ਵਿੱਚ 19.0 ਐਮਐਮ ਅਤੇ ਪਠਾਨਕੋਟ ਵਿੱਚ 1.5 ਐਮਐਮ ਮੀਂਹ ਦਰਜ ਕੀਤਾ ਗਿਆ।
ਮਾਨਸੂਨ ਦੀ ਜਲਦ ਵਿਦਾਈ
ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਨੇੜੇ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਆਉਣ ਵਾਲੇ ਸਮੇਂ ਵਿੱਚ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਅਤੇ ਗਰਜ-ਚਮਕ ਹੋ ਸਕਦੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਹੁਣ ਮਾਨਸੂਨ ਕਮਜ਼ੋਰ ਹੀ ਰਹੇਗਾ ਅਤੇ ਇਸ ਦਾ ਟਰੈਕ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਦੀ ਜਲਦ ਵਿਦਾਈ ਸੰਭਵ ਹੈ ਅਤੇ ਹੁਣ ਮੀਂਹ ਪੈਚਾਂ ਵਿੱਚ ਹੀ ਪੈਣ ਦੀ ਸੰਭਾਵਨਾ ਹੈ।
ਡੈਮਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ
ਭਾਖੜਾ ਡੈਮ ਦਾ ਜਲ ਪੱਧਰ 1637.1 ਫੁੱਟ ਦਰਜ ਕੀਤਾ ਗਿਆ ਹੈ, ਜੋ 1680 ਫੁੱਟ ਦੇ ਐਫਆਰਐਲ ਤੋਂ 42.9 ਫੁੱਟ ਹੇਠਾਂ ਹੈ। ਭਾਖੜਾ ਵਿੱਚ 35,859 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦਕਿ 26,308 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਪੌਂਗ ਡੈਮ ਦਾ ਜਲ ਪੱਧਰ 1368.48 ਫੁੱਟ ਹੈ, ਜੋ 1390 ਫੁੱਟ ਦੇ ਐਫਆਰਐਲ ਤੋਂ 21.52 ਫੁੱਟ ਹੇਠਾਂ ਹੈ। ਪੌਂਗ ਵਿੱਚ 42,772 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ ਅਤੇ 16,594 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਦਾ ਡਿਜ਼ਾਈਨ ਐਫਆਰਐਲ 1400 ਫੁੱਟ ਹੈ।

